#PUNJAB

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ, ਪੰਜਾਬ-ਪੱਖੀ ਸੋਚ ਮਜ਼ਬੂਤ ਕਰਨ ਦਾ ਸੱਦਾ

ਲੌਂਗੋਵਾਲ, 20 ਅਗਸਤ (ਪੰਜਾਬ ਮੇਲ)—ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਮਨਾਇਆ ਗਿਆ। ਸਮਾਗਮ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਅਕਾਲੀ ਸੋਚ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਸੰਤ ਲੌਂਗੋਵਾਲ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਏਕਤਾ ਅਤੇ ਪੰਥਕ ਹੱਕਾਂ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਲੌਂਗੋਵਾਲ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਦਾ ਅਜਿਹਾ ਅਧਿਆਇ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਰਾਹ ਦਿਖਾਉਂਦਾ ਰਹੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਪੰਜਾਬ ਦੀ ਸਥਿਤੀ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬਾ ਕਈ ਤਰ੍ਹਾਂ ਦੇ ਸਮਾਜਿਕ, ਆਰਥਿਕ ਅਤੇ ਸਿਆਸੀ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਹਾਲਾਤਾਂ ਵਿੱਚੋਂ ਕੱਢਣ ਲਈ ਸਿਰਫ਼ ਸੱਤਾ ਹਾਸਲ ਕਰਨ ਦੀ ਰਾਜਨੀਤੀ ਕਾਫ਼ੀ ਨਹੀਂ, ਸਗੋਂ ਸਿਧਾਂਤਕ, ਪੰਥਕ ਅਤੇ ਪੰਜਾਬ-ਪੱਖੀ ਸੋਚ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਉਨ੍ਹਾਂ ਪਾਰਟੀ ਵਰਕਰਾਂ ਅਤੇ ਪੰਜਾਬੀਆਂ ਨੂੰ ਸੰਤ ਲੌਂਗੋਵਾਲ ਦੇ ਸ਼ਾਂਤੀ, ਏਕਤਾ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਵਾਲੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।