#PUNJAB

ਐੱਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜ਼ਨਾਹ ਦਾ ਮਾਮਲਾ; ਐੱਫ.ਆਈ.ਆਰ. ਦਰਜ ਹੋਣ ਦੇ ਇੱਕ ਮਹੀਨੇ ਬਾਅਦ ਵੀ ਨਹੀਂ ਹੋਈ ਗ੍ਰਿਫ਼ਤਾਰੀ

2 ਕਰਮਚਾਰੀ ਮੁਅੱਤਲ, ਪੁਲਿਸ ਵੱਲੋਂ ਜਾਂਚ ਜਾਰੀ ਹੋਣ ਦਾ ਦਾਅਵਾ
ਰੂਪਨਗਰ, 18 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਸੰਗੀਨ ਧਾਰਾਵਾਂ ਹੇਠ ਐੱਫ.ਆਈ.ਆਰ. ਦਰਜ ਹੋਣ ਦੇ ਲਗਭਗ ਇੱਕ ਮਹੀਨੇ ਬਾਅਦ ਵੀ ਕੋਈ ਗ੍ਰਿਫ਼ਤਾਰੀ ਨਾ ਹੋਣ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਹ ਮਾਮਲਾ 21 ਅਗਸਤ ਨੂੰ ਥਾਣਾ ਆਨੰਦਪੁਰ ਸਾਹਿਬ ਵਿਖੇ ਦਰਜ ਕੀਤਾ ਗਿਆ ਸੀ, ਪਰ ਰੂਪਨਗਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਹ ਮਾਮਲਾ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 64 (ਜਬਰ-ਜ਼ਨਾਹ), 127(2) (ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ ‘ਚ ਰੱਖਣਾ) ਅਤੇ 351(2) (ਧਮਕਾਉਣਾ) ਹੇਠ ਦਰਜ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਦੇ ਬਾਵਜੂਦ ਜਾਂਚ ਸਹਾਇਕ ਸਬ-ਇੰਸਪੈਕਟਰ ਨੀਲਮ ਰਾਣੀ ਨੂੰ ਸੌਂਪੀ ਗਈ ਹੈ। ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤਾ ਨੇ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਇਆ ਹੈ। ਸ਼ਿਕਾਇਤ ਅਨੁਸਾਰ ਔਰਤ ਨੇ 27 ਫ਼ਰਵਰੀ ਤੋਂ 19 ਅਗਸਤ ਦਰਮਿਆਨ ਸਰੀਰਕ ਸ਼ੋਸ਼ਣ ਅਤੇ ਧਮਕੀਆਂ ਦੇ ਦੋਸ਼ ਲਗਾਏ ਹਨ, ਜਿਸ ਵਿਚ ਆਨੰਦਪੁਰ ਸਾਹਿਬ ਦੇ ਭਾਈ ਬਚਿੱਤਰ ਸਿੰਘ ਯਾਤਰੀ ਨਿਵਾਸ ਵਿਖੇ ਵਾਪਰੀ ਇੱਕ ਘਟਨਾ ਵੀ ਸ਼ਾਮਲ ਹੈ।
ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਨੇ 16 ਸਤੰਬਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਅਤੇ ਮਨਘੜਤ ਦੱਸਦਿਆਂ ਰੱਦ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਗਈ ਹੈ ਅਤੇ ਉਹ ਅਦਾਲਤ ‘ਚ ਆਪਣੀ ਬੇਗੁਨਾਹੀ ਸਾਬਤ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਐੱਸ.ਜੀ.ਪੀ.ਸੀ. ਦੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਅਹੁਦੇ ਤੋਂ ਅਸਤੀਫ਼ਾ ਸੁਖਬੀਰ ਸਿੰਘ ਬਾਦਲ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਚਾਵਲਾ 14 ਅਪ੍ਰੈਲ ਨੂੰ ਹੀ ਕੈਨੇਡਾ ਚਲੇ ਗਏ ਸਨ, ਜਦੋਂਕਿ ਪੁਲਿਸ ਨੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।
ਇਸੇ ਦੌਰਾਨ, ਐੱਸ.ਜੀ.ਪੀ.ਸੀ. ਨੇ ਮਾਮਲੇ ਵਿਚ ਨਾਂ ਆਉਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਡਰਾਈਵਰ ਮੋਹਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਪੁਲੀਸ ਤੱਕ ਪਹੁੰਚਣ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਕਈ ਆਗੂਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਸੀ, ਪਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਸੰਪਰਕ ਕਰਨ ‘ਤੇ ਦੱਸਿਆ, ”ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਬੂਤ ਜੁਟਾਏ ਜਾ ਰਹੇ ਹਨ। ਫਿਲਹਾਲ ਇਸ ਕੇਸ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।” ਐੱਫ.ਆਈ.ਆਰ. ਦਰਜ ਹੋਣ ਦੇ ਚਾਰ ਹਫ਼ਤਿਆਂ ਬਾਅਦ ਵੀ ਪੁਲਿਸ ਦੀ ਚੁੱਪ ਅਤੇ ਢਿੱਲੀ ਕਾਰਵਾਈ ‘ਤੇ ਲਗਾਤਾਰ ਉਂਗਲਾਂ ਉੱਠ ਰਹੀਆਂ ਹਨ।