#PUNJAB

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜੇਗੀ

ਪਾਤੜਾਂ, 28 ਸਤੰਬਰ (ਪੰਜਾਬ ਮੇਲ)- ਅਕਾਲੀ ਦਲ (ਵਾਰਿਸ ਪੰਜਾਬ) ਦੇ ਸਰਪ੍ਰਸਤ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਆਪਣੇ ਦਮ ‘ਤੇ ਲੜ ਕੇ ਜਿੱਤੇਗੀ ਅਤੇ ਕਿਸੇ ਸਿਆਸੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਕਰੇਗੀ। ਤਰਸੇਮ ਸਿੰਘ ਖਾਲਸਾ ਪਿੰਡ ਖਾਂਗ ਵਿਚ ਪਵਿੱਤਰ ਸਿੰਘ ਯੂ.ਐੱਸ.ਏ. ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ‘ਚ ਸਰਕਾਰ ਬਣਾਉਣ ਜਾ ਰਹੀ ਹੈ। ਤਰਸੇਮ ਸਿੰਘ ਖਾਲਸਾ ਕਿਹਾ ਕਿ ਉਨ੍ਹਾਂ ਨੂੰ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਦੀ ਲੋੜ ਨਹੀਂ ਪਵੇਗੀ। ਦਿੱਲੀ ਆਧਾਰਿਤ ਕਿਸੇ ਵੀ ਸਿਆਸੀ ਪਾਰਟੀ ਤੋਂ ਪੰਜਾਬੀਆਂ ਨੂੰ ਕੋਈ ਉਮੀਦ ਨਹੀਂ, ਕਿਉਂਕਿ ਦਿੱਲੀ ਨੇ ਸਦਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ ਦਲ (ਵਾਰਿਸ ਪੰਜਾਬ) ਦੇ ਵਧਦੇ ਆਧਾਰ ਸਬੰਧੀ ਬਿਆਨ ‘ਤੇ ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਲੰਬਾ ਸਮਾਂ ਬਿਤਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਸਿਆਸਤ ਦੀ ਡੂੰਘੀ ਸਮਝ ਰੱਖਦੇ ਹਨ। ਉਨ੍ਹਾਂ ਵੱਲੋਂ ਦਿੱਤੇ ਬਿਆਨ ਦੇ ਵੱਡੇ ਅਰਥ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਆਗੂ ਵੱਲੋਂ ਪੰਜਾਬ ਦੇ ਭਲੇ ਲਈ ਅਕਾਲੀ ਦਲ (ਵਾਰਿਸ ਪੰਜਾਬ) ਵਿਚ ਸ਼ਾਮਲ ਹੋਣ ‘ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਾਲਿਆਂ ਦਾ ਖਹਿੜਾ ਛੱਡ ਕੇ ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ (ਵਾਰਿਸ ਪੰਜਾਬ) ਵਿਚ ਆਉਣ, ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਪਲਵਿੰਦਰ ਸਿੰਘ ਜੱਲੂਪੁਰ ਖੇੜਾ, ਜ਼ਿਲਾ ਪ੍ਰਧਾਨ ਪਟਿਆਲਾ ਨਰਿੰਦਰ ਸਿੰਘ ਭਿੰਡਰ, ਜਸਵਿੰਦਰ ਸਿੰਘ ਡਰੌਲੀ, ਮੁੱਖ ਬੁਲਾਰਾ ਬੀਬੀ ਸਤਨਾਮ ਕੌਰ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਗਵੰਤ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।