#PUNJAB

ਈ.ਡੀ. ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵੱਲੋਂ ‘ਵਾਰਿਸ ਪੰਜਾਬ’ ਨੂੰ ਅਲਵਿਦਾ

ਕੁੱਝ ਦਿਨ ਪਹਿਲਾਂ ਹੀ ਸ਼ਾਮਲ ਹੋਏ ਸੀ ਪਾਰਟੀ ‘ਚ
ਜਲੰਧਰ, 28 ਸਤੰਬਰ (ਪੰਜਾਬ ਮੇਲ)- ਈ.ਡੀ. ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ (ਵਾਰਿਸ ਪੰਜਾਬ) ਨੂੰ ਅਲਵਿਦਾ ਆਖ ਦਿੱਤਾ ਹੈ। ਉਹ ਥੋੜੇ ਦਿਨ ਪਹਿਲਾਂ ਹੀ ਅਕਾਲੀ ਦਲ (ਵਾਰਿਸ ਪੰਜਾਬ) ਦਾ ਪੱਲਾ ਫੜ ਕੇ ਸਿਆਸੀ ਪਾਰੀ ਖੇਡਣ ਲਈ ਮੈਦਾਨ ‘ਚ ਉਤਰੇ ਸਨ। ਨਸ਼ੇ ਦੇ ਸੌਦਾਗਰਾਂ ਅਤੇ ਗੈਂਗਸਟਰਵਾਦ ਖ਼ਿਲਾਫ਼ ਖੁੱਲ੍ਹ ਕੇ ਬੋਲਣ ਵਾਲੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਸਿਆਸੀ ਹਲਕੇ ਹੈਰਾਨ ਹਨ।
ਨਿਰੰਜਨ ਸਿੰਘ ਨੇ ੱਜ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਕਿ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਤੇ ਨਸ਼ਿਆਂ ਦੀ ਤਸਕਰੀ ‘ਚ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ‘ਤੇ ਇਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ ਪਰ ਕੁਝ ਅਜਿਹੇ ਮਤਭੇਦ ਹਨ, ਜਿਨ੍ਹਾਂ ਨਾਲ ਉਹ ਸਮਝੌਤਾ ਨਹੀਂ ਕਰ ਸਕਦੇ। ਨਿਰੰਜਨ ਸਿੰਘ ਨੇ ਅਕਾਲੀ ਦਲ (ਵਾਰਿਸ ਪੰਜਾਬ) ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ। ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੇ 23 ਸਤੰਬਰ ਨੂੰ ਅਕਾਲੀ ਦਲ (ਵਾਰਿਸ ਪੰਜਾਬ) ਵਿਚ ਰਸਮੀ ਤੌਰ ‘ਤੇ ਸ਼ਮੂਲੀਅਤ ਕੀਤੀ ਸੀ। ਚਰਚੇ ਸਨ ਕਿ ਪਾਰਟੀ ਵੱਲੋਂ ਨਿਰੰਜਨ ਸਿੰਘ ਨੂੰ ਹਲਕਾ ਕਰਤਾਰਪੁਰ ਤੋਂ ਵਿਧਾਨ ਸਭਾ ਚੋਣਾਂ ‘ਚ ਉਤਾਰੇ ਜਾਣ ਦੀ ਤਿਆਰੀ ਸੀ।
ਜ਼ਿਕਰਯੋਗ ਹੈ ਕਿ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਭਾਜਪਾ ਦੀ ਨਸ਼ਾ ਮੁਕਤ ਯਾਤਰਾ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਜੇ ਭਾਜਪਾ ਸਰਕਾਰ ਨੇ ਉਸ ਦੇ ਕਾਰਜਕਾਲ ਦੌਰਾਨ ਸਾਥ ਦਿੱਤਾ ਹੁੰਦਾ, ਤਾਂ ਅੱਜ ਨਤੀਜੇ ਹੋਰ ਚੰਗੇ ਹੁੰਦੇ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਸੀ। ਉਨ੍ਹਾਂ 2012 ਤੋਂ 2017 ਤੱਕ ਪੰਜਾਬ ਵਿਚ ਨਸ਼ਾ ਤਸਕਰੀ ਮਾਫ਼ੀਆ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ, 71 ਵਿਅਕਤੀਆਂ ਖ਼ਿਲਾਫ਼ ਸੱਤ ਚਾਰਜਸ਼ੀਟ ਦਾਇਰ ਕੀਤੀਆਂ ਸਨ। ਇਸ ਤੋਂ ਇਲਾਵਾ ਨਸ਼ਾ ਤਸਕਰੀ ਨਾਲ ਜੁੜੇ 25 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿਵਾਇਆ ਸੀ।