ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 19 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 19 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਹਨ, ਕੰਮ ਕਰਨ ਤੋਂ ਅਸਮਰਥ ਹਨ ਅਤੇ ਦਵਾਈਆਂ ਖਰੀਦਣ ਤੋਂ ਵੀ ਅਸਮਰੱਥ। ਅਜਿਹੀ ਸਥਿਤੀ ਵਿਚ ਇਨ੍ਹਾਂ ਲੋੜਵੰਦ ਮਰੀਜ਼ਾਂ ਦੇ ਕੇਸ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਭੇਜੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਹੀ ਡਾਕਟਰ ਦੀ ਪਰਚੀ ਅਨੁਸਾਰ ਦਵਾਈਆਂ ਖਰੀਦਣ ਲਈ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਨਿਰੋਗ ਜੀਵਨ ਜਿਊਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

