-ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਮੁੜ ਉੱਠੇ ਸਵਾਲ
ਤਰਨਤਾਰਨ, 12 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਐਤਵਾਰ ਸ਼ਾਮ ਇੱਕ ਪੁਲਿਸ ਅਧਿਕਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਵਜੋਂ ਹੋਈ ਹੈ। ਉਹ ਨੌਸ਼ਹਿਰਾ ਪੰਨੂਆਂ ਪਿੰਡ ਦੇ ਵਸਨੀਕ ਸਨ ਅਤੇ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨਾਲ ਜੁੜੇ ਹੋਏ ਸਨ।
ਮਿਲੀ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਮੋਟਰਸਾਈਕਲ ਉੱਤੇ ਘਰ ਵਾਪਸ ਆ ਰਹੇ ਸਨ। ਨੌਸ਼ਹਿਰਾ ਪੰਨੂਆਂ ਤੋਂ ਲੋਹਕਾ ਵੱਲ ਜਾਂਦੀ ਸੜਕ ਉੱਤੇ ਪਟਵਾਰਖਾਨੇ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਇਕਬਾਲ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਮਲਾਵਰ ਹਨੇਰੇ ਦਾ ਫਾਇਦਾ ਉਠਾ ਕੇ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉੱਤੇ ਪਹੁੰਚੇ। ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਸੁਰਿੰਦਰ ਲਾਂਬਾ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਕਬਾਲ ਸਿੰਘ ਦੇ ਭਤੀਜੇ ਦਾ ਪਿਛਲੇ ਮਹੀਨੇ ਕਤਲ ਹੋਇਆ ਸੀ। ਪੁਲਿਸ ਇਸ ਸੰਭਾਵਨਾ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਵਾਂ ਘਟਨਾਵਾਂ ਦਾ ਆਪਸ ਵਿਚ ਕੋਈ ਸਬੰਧ ਤਾਂ ਨਹੀਂ।
ਇਸ ਕਤਲ ਤੋਂ ਬਾਅਦ ਵਿਦੇਸ਼ ਵਿਚ ਬੈਠੇ ਕੁਝ ਗੈਂਗਸਟਰਾਂ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵੇ ਵੀ ਸਾਹਮਣੇ ਆਏ ਹਨ। ਹਾਲਾਂਕਿ ਪੁਲਿਸ ਨੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕੀਤੀ।
ਇਸ ਘਟਨਾ ਨਾਲ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਜਦੋਂ ਪੁਲਿਸ ਅਧਿਕਾਰੀ ਹੀ ਹਮਲਾਵਰਾਂ ਦਾ ਨਿਸ਼ਾਨਾ ਬਣ ਰਹੇ ਹੋਣ, ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਚਿੰਤਾ ਹੋਣੀ ਸੁਭਾਵਿਕ ਹੈ।
ਵਿਰੋਧੀ ਧਿਰ ਦੇ ਆਗੂਆਂ ਨੇ ਸਰਕਾਰ ਨੂੰ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਹੁਣ ਪੁਲਿਸ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਕੇ ਕਤਲ ਪਿੱਛੇ ਅਸਲੀ ਕਾਰਨ ਸਾਹਮਣੇ ਲਿਆਉਣ ਦੀ ਹੈ।
ਤਰਨਤਾਰਨ ‘ਚ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ

