‘ਆਪ’ ਸਰਕਾਰ ‘ਤੇ ਨਸ਼ਿਆਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼
ਪਾਤੜਾਂ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ‘ਆਪ’ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ‘ਤੇ ਰੋਸ ਵਧ ਰਿਹਾ ਹੈ। ਇਸ ਮੌਕੇ ‘ਆਪ’ ਦੇ ਯੁੱਧ ਨਸ਼ਿਆਂ ਵਿਰੁਧ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਵੀਹ ਦੇ ਕਰੀਬ ਆਪ ਆਗੂਆਂ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਨਸ਼ਿਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਉਹ ਲੋਕਾਂ ਵਿਚ ਜਾਂਦੇ ਹਨ, ਤਾਂ ਲੋਕ ਸਵਾਲ ਕਰਦੇ ਹਨ ਕਿ ਪਰਮਿੰਦਰ ਸਿੰਘ ਝੋਟਾ ਦਾ ਜਦੋਂ ਕਤਲ ਹੋਇਆ, ਤਾਂ ‘ਆਪ’ ਕਿੱਥੇ ਸੀ ਤੇ ਉਸ ਦੀਆਂ ਪੁਲਿਸ ਨੂੰ ਕੀਤੀਆਂ ਸ਼ਿਕਾਇਤਾਂ ‘ਤੇ ਅਮਲ ਕਿਉਂ ਨਹੀਂ ਕੀਤਾ ਗਿਆ।
ਇਨ੍ਹਾਂ ਆਗੂਆਂ ਨੇ ਇਹ ਵੀ ਰੋਸ ਪ੍ਰਗਟਾਇਆ ਕਿ ਉਨ੍ਹਾਂ ਹਾਈ ਕਮਾਂਡ ਨੂੰ ਅਪੀਲ ਕੀਤੀ ਸੀ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਪਿੰਡ ਵਾਸੀਆਂ ਨਾਲ ਵਿਚਰਦੇ ਹਨ ਤੇ ਉਨ੍ਹਾਂ ਨਾਲ ਇਸ ਸਬੰਧੀ ਮੀਟਿੰਗ ਕੀਤੀ ਜਾਵੇ ਤੇ ਕਾਰਗਰ ਨੀਤੀ ਬਣਾਈ ਜਾਵੇ ਪਰ ਹਾਈ ਕਮਾਂਡ ਨੇ ਕੋਈ ਜਵਾਬ ਨਹੀਂ ਦਿੱਤਾ।
ਇਸ ਤੋਂ ਪਹਿਲਾਂ ਤਿੰਨ ਅਸਤੀਫੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ, ਗੋਲਡੀ ਬਰਾਸ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਹਰਿਆਊ ਸ਼ਾਮਲ ਹਨ।
ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਆਗੂ ਵੱਲੋਂ ਸੰਗਰੂਰ ਰੋਡ ‘ਤੇ ਹੋਟਲ ਰੁਤਬਾ ਵਿਚ ਅੱਜ ਮੀਟਿੰਗ ਸੱਦੀ ਗਈ ਸੀ। ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟੇ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ‘ਤੇ ਲਗਾਤਾਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ।
ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਹੋਰ ਕਿੰਨੇ ਕੁ ਵਿਅਕਤੀ ਅਸਤੀਫੇ ਦੇਣਗੇ, ਪਰ ਇਹ ਯਕੀਨੀ ਹੈ ਕਿ ਆਮ ਆਦਮੀ ਪਾਰਟੀ ਨੂੰ ਵੱਡੀ ਸੱਟ ਵੱਜਣ ਵਾਲੀ ਹੈ। ਭਵਿੱਖ ਵਿਚ ਇਸ ਦੇ ਨਤੀਜੇ ਕੀ ਹੋਣਗੇ, ਇਹ ਆਉਣ ਵਾਲਾ ਸਮਾਂ ਦੱਸੇਗਾ। ਇਹ ਵੀ ਹੋ ਸਕਦਾ ਹੈ ਕਿ ਪਾਰਟੀ ਦੇ ਆਗੂ ਅਤੇ ਨਸ਼ਾ ਵਿਰੁੱਧ ਮੁਹਿੰਮ ਚਲਾਉਣ ਵਾਲੇ ਵਿਅਕਤੀ ਭਗਵੰਤ ਮਾਨ ਦੀਆਂ ਆਪਹੁਦਰੀਆਂ ਤੋਂ ਦੁਖੀ ਹਨ।
ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ‘ਆਪ’ ਦੇ 20 ਆਗੂਆਂ ਵੱਲੋਂ ਅਸਤੀਫੇ

