#PUNJAB

ਪਰਵਿੰਦਰ ਸਿੰਘ ਝੋਟਾ ਦਾ 26 ਦਿਨਾਂ ਬਾਅਦ ਕੀਤਾ ਗਿਆ ਅੰਤਿਮ ਸਸਕਾਰ

ਮਾਨਸਾ, 9 ਨਵੰਬਰ (ਪੰਜਾਬ ਮੇਲ)- ਮਾਨਸਾ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ 26 ਦਿਨਾਂ ਬਾਅਦ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ ‘ਤੇ ਸਥਿਤ ਜੱਦੀ ਖੇਤ ਵਿਚ ਹੋਏ ਸਸਕਾਰ ਮੌਕੇ ਵੱਡੀ ਗਿਣਤੀ ‘ਚ ਲੋਕ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਪਰਵਿੰਦਰ ਝੋਟਾ ਦੇ ਵੱਡੇ ਪੁੱਤਰ ਅਤੇ ਉਨ੍ਹਾਂ ਦੇ ਪਿਤਾ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਇਸ ਮੌਕੇ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਇਥੇ ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦਾ ਪੀ. ਜੀ. ਆਈ. ਵਿਖੇ ਪੋਸਟਮਾਰਟਮ ਮਗਰੋਂ ਫੁੱਲਾਂ ਨਾਲ ਸਜੀ ਇਕ ਵਿਸ਼ੇਸ਼ ਐਂਬੂਲੈਂਸ ਰਾਹੀਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਲਿਆਂਦਾ ਗਿਆ। ਐਂਬੂਲੈਂਸ ‘ਤੇ ਪਰਵਿੰਦਰ ਝੋਟਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ। ਰਸਤੇ ‘ਚ ਵੱਖ-ਵੱਖ ਥਾਵਾਂ ‘ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ।
ਮਾਨਸਾ ਪਹੁੰਚਣ ਤੋਂ ਬਾਅਦ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਧਰਨੇ ਵਾਲੀ ਥਾਂ ਰਾਹੀਂ ਉਨ੍ਹਾਂ ਦੇ ਜੱਦੀ ਘਰ ਲਿਆਂਦਾ ਗਿਆ ਹੈ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਲੋਕਾਂ ਵੱਲੋਂ ਅੰਤਿਮ ਦਰਸ਼ਨ ਕੀਤੇ ਗਏ। ਇਸ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ ‘ਚ ਮ੍ਰਿਤਕ ਦੇਹ ਰੱਖ ਕੇ ਸ਼ਹਿਰ ਵਿਚੋਂ ਅੰਤਿਮ ਯਾਤਰਾ ਕੱਢੀ ਗਈ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਅਤੇ ਉਸ ਦੇ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਇਸ ਦੌਰਾਨ ਜਥੇਬਦੀਆਂ ਵੱਲੋਂ ‘ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ ਲਗਾਏ ਗਏ। ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਨੇ ਵੀ ਭਾਵੁਕ ਹੋ ਕੇ ਪਿਤਾ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਜੈਕਾਰੇ ਲਾਉਂਦਿਆਂ ਪਰਵਿੰਦਰ ਝੋਟਾ ਅਮਰ ਰਹੇ ਦੇ ਨਾਅਰੇ ਲਾਏ।
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ‘ਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਕਰੀਬ 26 ਦਿਨਾਂ ਬਾਅਦ ਹੋ ਸਕਿਆ।
ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਮਾਨਸਾ ਦੇ ਐੱਸ.ਐੱਸ.ਪੀ. ਵੈਭਵ ਚੌਧਰੀ ਦੇ ਤਬਾਦਲੇ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੰਗ ਨੂੰ ਲੈ ਕੇ ਉਹ ਭੁੱਖ ਹੜਤਾਲ ‘ਤੇ ਵੀ ਬੈਠੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਇਲਾਕੇ ‘ਚ ਨਸ਼ਿਆਂ ਨੂੰ ਰੋਕਣ ‘ਚ ਪੁਲਿਸ ਦੀ ਨਾਕਾਮੀ ਕਾਰਨ ਉਨ੍ਹਾਂ ਦੇ ਪੁੱਤਰ ਦੀ ਜਾਨ ਗਈ।
ਇਥੇ ਇਹ ਵੀ ਦੱਸ ਦੇਈਏ ਕਿ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੂਰਾ ਇਨਸਾਫ਼ ਮਿਲਣ ਤੱਕ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਆਵਾਜ਼ ਨੂੰ ਵੀ ਅੱਗੇ ਬੁਲੰਦ ਕੀਤਾ ਜਾਵੇਗਾ। ਇਸ ਤਰ੍ਹਾਂ 26 ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਹੋ ਗਿਆ ਪਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਅਜੇ ਵੀ ਜਾਰੀ ਹੈ।