ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ‘ਚ ਰਣਜੀਤ ਸਿੰਘ ਤਰਖਾਨਮਾਜਰਾ ਨਾਲ ਹੋਈ ਕੁੱਟਮਾਰ ਦੇ ਮਾਮਲਾ ਹੁਣ ਵੱਡੇ ਵਿਵਾਦ ‘ਚ ਬਦਲ ਗਿਆ ਹੈ। ਇਸ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਰਣਜੀਤ ਸਿੰਘ ਤਰਖਾਨਮਾਜਰਾ ਵੱਲੋਂ ਅੱਜ ਇੱਕ ਵਾਰ ਫਿਰ ਚੰਡੀਗੜ੍ਹ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਤੁਰੰਤ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਉਠਾਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਤਰਖਾਨਮਾਜਰਾ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਨਾ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਉਨ੍ਹਾਂ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਚੰਡੀਗੜ੍ਹ ਪੁਲਿਸ ਵੱਲੋਂ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਬਰਿੰਦਰ ਢਿੱਲੋਂ ਵੱਲੋਂ ਮੰਗੀ ਗਈ ਮੁਆਫ਼ੀ ਨੂੰ ਰੱਦ ਕਰਦਿਆਂ ਤਰਖਾਨਮਾਜਰਾ ਨੇ ਦੋਸ਼ ਲਗਾਇਆ ਕਿ ਜਿਸ ਤਰੀਕੇ ਨਾਲ ਮੁਆਫ਼ੀ ਮੰਗੀ ਗਈ ਅਤੇ ਗੁਰਦੁਆਰਾ ਸਾਹਿਬ ਜਾ ਕੇ ਆਪਣਾ ਪੱਖ ਰੱਖਿਆ ਗਿਆ, ਉਸ ਵਿਚ ਵੀ ਪੂਰੀ ਚਲਾਕੀ ਵਰਤੀ ਗਈ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਸਹੁੰ ਤਾਂ ਉਹ ਖ਼ੁਦ ਵੀ ਖਾ ਚੁੱਕੇ ਹਨ, ਪਰ ਹੁਣ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਕੋਈ ਗੁੰਜਾਇਸ਼ ਬਾਕੀ ਨਹੀਂ ਰਹੀ ਹੈ। ਤਰਖਾਨਮਾਜਰਾ ਨੇ ਦੋਸ਼ ਲਗਾਇਆ ਕਿ ਕਾਂਗਰਸ ਭਵਨ ਵਿਚ ਹੋਈ ਲੜਾਈ-ਝਗੜੇ ਦੀ ਸਾਰੀ ਘਟਨਾ ਦੀ ਵੀਡੀਓ ਜਾਣਬੁੱਝ ਕੇ ਡਿਲੀਟ ਕਰਵਾਈ ਗਈ ਹੈ।
ਰਣਜੀਤ ਸਿੰਘ ਤਰਖਾਨਮਾਜਰਾ ਵੱਲੋਂ ਬਰਿੰਦਰ ਢਿੱਲੋਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ

