ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗਾ ਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਆਧੁਨਿਕ ਮਹੰਤਾਂ ਦੇ ਕਬਜ਼ੇ ‘ਚੋਂ ਛੁਡਵਾਉਣ। ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਇਹ ਚੋਣਾਂ ਲੜੇਗੀ।
ਉਨ੍ਹਾਂ ਕਿਹਾ ਕਿ ਸਾਡਾ ਸਾਰਾ ਧਿਆਨ ਹਰਿਆਣਾ ‘ਚ ਸਿੱਖਾਂ ਨੂੰ ਆਪਣੀ ਗੁਰਦੁਆਰਾ ਕਮੇਟੀ ਦੇਣ ਦਾ ਅਧਿਕਾਰ ਦੇਣਾ ਹੈ ਤੇ ਮੌਜੂਦਾ ਕਮੇਟੀ ਨੂੰ ਮੌਜੂਦਾ ਪ੍ਰਬੰਧਕਾਂ ਤੋਂ ਮੁਕਤ ਕਰਵਾਉਣਾ ਹੈ, ਜੋ ਸਾਰੇ ਸਿਧਾਂਤਾਂ ਤੇ ਨਿਯਮਾਂ ਦੇ ਖਿਲਾਫ਼ ਅਧਿਕਾਰਤ ਮੀਟਿੰਗਾਂ ਵਿਚ ਗਾਲ੍ਹ ਮੰਦੇ ‘ਤੇ ਉਤਰ ਆਉਂਦੇ ਹਨ। ਉਨ੍ਹਾਂ ਨੇ ਹਰਿਆਣਾ ਵਿਚ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੀਆਂ ਵੋਟਾਂ ਬਣਵਾਉਣ ਤਾਂ ਜੋ ਸੂਬੇ ਵਿਚ ਆਉਂਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥ ਦਾ ਮਾਣ-ਸਤਿਕਾਰ ਬਹਾਲ ਕੀਤਾ ਜਾ ਸਕੇ।