#PUNJAB

ਨਸ਼ਿਆਂ ਦੇ ਮਾਮਲੇ ‘ਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ

* ‘ਆਪ’ ਸਰਕਾਰ ਖਿਲਾਫ ਬੋਲਣ ਕਾਰਨ ਹੀ ਮੁੱਖ ਮੰਤਰੀ ਮਾਨ ਨੇ ਕਰਵਾਇਆ ਗ੍ਰਿਫਤਾਰ
ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6 ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ ਨਸ਼ਾ ਤਸਕਰੀ (ਐੱਨ. ਡੀ. ਪੀ. ਐੱਸ. ਐਕਟ) ਦਾ ਪੁਰਾਣਾ ਮਾਮਲਾ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਲਦੀ ਹੀ ਉਨ੍ਹਾਂ ਨੂੰ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ ਵਿਚ ਜਾਂਚ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਡੀ. ਆਈ. ਜੀ. ਦੀ ਅਗਵਾਈ ਹੇਠ ਬਣੀ ਐੱਸ. ਆਈ. ਟੀ. ਦੀ ਰਿਪੋਰਟ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐੱਸ. ਆਈ. ਟੀ. ਵਿਚ ਦੋ ਐੱਸ.ਐੱਸ.ਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਜਦੋਂ ਪੁਲਿਸ ਘਰ ਪਹੁੰਚੀ ਤਾਂ ਖਹਿਰਾ ਨੇ ਸਭ ਤੋਂ ਪਹਿਲਾਂ ਸੀਨੀਅਰ ਅਧਿਕਾਰੀ ਦੀ ਪਹਿਚਾਣ ਪੁੱਛੀ। ਜਵਾਬ ਮਿਲਿਆ ਕਿ ਉਹ ਡੀ.ਐੱਸ.ਪੀ. ਜਲਾਲਾਬਾਦ ਏ.ਆਰ. ਸ਼ਰਮਾ ਅਤੇ ਉਨ੍ਹਾਂ ਨੂੰ 2015 ਦੇ ਐੱਨ.ਡੀ.ਪੀ.ਐੱਸ. ਐਕਟ ਕੇਸ ਵਿਚ ਗ੍ਰਿਫ਼ਤਾਰ ਕਰਨ ਆਏ ਹਨ। ਇਸ ਪੂਰੀ ਘਟਨਾ ਦੌਰਾਨ ਖਹਿਰਾ ਪੁਲਿਸ ਅਧਿਕਾਰੀਆਂ ਤੋਂ ਵਾਰ-ਵਾਰ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰਦੇ ਰਹੇ। ਖਹਿਰਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨੂੰ ਪਾਣੀ ਦਾ ਇਕ ਘੁੱਟ ਵੀ ਨਹੀਂ ਪੀਣ ਦਿੱਤਾ ਅਤੇ ਉਨ੍ਹਾਂ ਦੇ ਹੱਥੋਂ ਗਲਾਸ ਖੋਹ ਲਿਆ।
ਜ਼ਿਕਰਯੋਗ ਹੈ ਕਿ 2015 ‘ਚ ਜਲਾਲਾਬਾਦ ਪੁਲਿਸ ਵੱਲੋਂ ਸੁਖਪਾਲ ਖਹਿਰਾ ਦੇ ਇਕ ਕਰੀਬੀ ਗੁਰਦੇਵ ਸਿੰਘ ਖਹਿਰਾ ਸਮੇਤ 9 ਲੋਕਾਂ ‘ਤੇ ਕਾਰਵਾਈ ਕੀਤੀ ਗਈ ਸੀ, ਜਿਨ੍ਹਾਂ ਕੋਲੋਂ ਇਕ ਕਿਲੋ ਹੈਰੋਇਨ, ਦੇਸੀ ਪਿਸਤੌਲ, ਸੋਨੇ ਦੇ ਬਿਸਕੁਟ ਅਤੇ ਪਾਕਿਸਤਾਨੀ ਸਿਮ ਵੀ ਬਰਾਮਦ ਹੋਏ ਸਨ। ਉਸ ਮਾਮਲੇ ‘ਚ ਗੁਰਦੇਵ ਖਹਿਰਾ ਦਾ ਕਰੀਬੀ ਹੋਣ ਕਾਰਨ ਸੁਖਪਾਲ ਖਹਿਰਾ ਵੀ ਸ਼ੱਕ ਦੇ ਘੇਰੇ ‘ਚ ਆ ਗਏ ਸਨ। ਜਾਂਚ ਪੜਤਾਲ ਮਗਰੋਂ ਸੁਖਪਾਲ ਸਿੰਘ ਖਹਿਰਾ ਨੂੰ ਕੋਈ ਸਬੂਤ ਨਾ ਮਿਲਣ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ, ਪਰ ਕੇਸ ਦੇ ਮੁੱਖ ਦੋਸ਼ੀ ਗੁਰਦੇਵ ਖਹਿਰਾ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦੋਂ ਸੁਖਪਾਲ ਖਹਿਰਾ ਵਿਵਾਦਾਂ ‘ਚ ਘਿਰੇ ਹੋਣ। 2015 ਦੇ ਐੱਨ.ਡੀ.ਪੀ.ਐੱਸ. ਐਕਟ ਦੇ ਮਾਮਲੇ ‘ਚ ਵੀ ਖਹਿਰਾ ਨੂੰ ਨਸ਼ਾ ਤਸਕਰਾਂ ਨਾਲ ਸੰਬੰਧ ਰੱਖਣ ਅਤੇ ਨਕਲੀ ਪਾਸਪੋਰਟ ਬਣਾਉਣ ਵਾਲੇ ਰੈਕਟ ‘ਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਨਵੰਬਰ 2021 ‘ਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਮਨੀ ਲਾਂਡਰਿੰਗ ਦੇ ਮਾਮਲੇ ‘ਚ ਵੀ ਜੇਲ੍ਹ ਭੇਜਿਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਕਰੀਬ ਢਾਈ ਮਹੀਨੇ ਪਟਿਆਲਾ ਜੇਲ੍ਹ ‘ਚ ਰਹਿਣ ਤੋਂ ਬਾਅਦ ਅਦਾਲਤ ਵੱਲੋਂ ਰਿਹਾਅ ਕੀਤਾ ਗਿਆ ਸੀ।
ਹਾਲਾਂਕਿ 2015 ‘ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ, ਪਰ ਹੁਣ ਜਲਾਲਾਬਾਦ ਪੁਲਿਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਖਹਿਰਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਕੋਰਟ ‘ਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਸ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਦਲੇ ਦੀ ਭਾਵਨਾ ਨਾਲ ਕੀਤੀ ਹੈ। ਉਨ੍ਹਾਂ ਅਨੁਸਾਰ ‘ਆਪ’ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਬੋਲਣ ਕਾਰਨ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਨੇ ਰੰਜਿਸ਼ ਤਹਿਤ ਗ੍ਰਿਫ਼ਤਾਰ ਕਰਵਾਇਆ ਹੈ।

Leave a comment