#PUNJAB

CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਸਤੰਬਰ (ਪੰਜਾਬ ਮੇਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਕਮੇਟੀ ਮੈਂਬਰਾਂ ਨਾਲ ਐਕਟ ਵਿੱਚ ਸੋਧਾਂ ਬਾਰੇ ਬਾਰੀਕੀ ਨਾਲ ਗੱਲਬਾਤ ਕੀਤੀ ਗਈ। ਇਹ ਮੀਟਿੰਗ ਦੋ ਘੰਟੇ ਦੇ ਕਰੀਬ ਚੱਲੀ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਕਰਨ ਵਾਲੀ 7 ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਆਪਸੀ ਜਾਣ-ਪਛਾਣ ਹੋਈ ਹੈ। ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਇਤਰਾਜ਼ ਲਗਾਏ ਗਏ, ਉਨ੍ਹਾਂ ਨੂੰ ਕਿਵੇਂ ਦੂਰ ਕੀਤਾ ਜਾ ਸਕਦਾ ਹੈ। ਇਸ ਬਾਰੇ ਗੱਲਬਾਤ ਕਰਕੇ ਜਲਦ ਰਿਪੋਰਟ ਬਣਾ ਕੇ ਸੌਂਪੀ ਜਾਵੇਗੀ।

ਉੱਥੇ ਹੀ ਸੰਤ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਨਵਾਂ ਕਾਨੂੰਨ ਪੁਰਾਣੇ ਕਾਨੂੰਨ ਨੂੰ ਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ ਅਤੇ ਸਾਰੀਆਂ ਪ੍ਰਸਤਾਵਿਤ ਸੋਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੁਝ ਇਤਰਾਜ਼ ਜਤਾਏ ਸਨ, ਜਿਸ ਵਿੱਚ ਸੋਧਾਂ ਨੂੰ ਲੈ ਕੇ ਹੀ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ ਹੈ।