ਐਕਸ ਖਾਤਾ ਬੈਨ ਹੋਣ ਦੇ ਬਾਵਜੂਦ ਤੇਜ਼ ਕੀਤਾ ਵਿਰੋਧ
ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਦੇਸ਼ ਭਰ ਵਿਚ ਨੀਟ-ਯੂਜੀ ਪ੍ਰੀਖਿਆ ਦੇ ਪੇਪਰ ਲੀਕ ਅਤੇ ਵਿਵਾਦਾਂ ਨੂੰ ਲੈ ਕੇ ਨੌਜਵਾਨਾਂ ਵਿਚ ਫੈਲੇ ਗੁੱਸੇ ਦੇ ਵਿਚਕਾਰ, ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਉੱਭਰੀ ਡਿਜੀਟਲ ਜਥੇਬੰਦੀ ‘Cockroach Janta Party’ (ਸੀ.ਜੇ.ਪੀ.) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੇ ਇਸ ਸਬੰਧੀ ਸੋਸ਼ਲ ਮੀਡੀਆ ਤੇ ਵੀਡੀਓ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੇਸ਼ ਦੇ ਲੱਖਾਂ ਪ੍ਰੀਖਿਆਰਥੀਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦੇ ਮੁੱਦੇ ਨੂੰ ਚੁੱਕਦਿਆਂ ਇਸ ਡਿਜੀਟਲ ਫਰੰਟ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਹਾਲਾਂਕਿ, ਇਸ ਮੁਹਿੰਮ ਦੇ ਤੇਜ਼ ਹੁੰਦਿਆਂ ਹੀ ਕੇਂਦਰ ਸਰਕਾਰ ਵੱਲੋਂ ਭਾਰਤ ਵਿਚ ‘ਸੀ.ਜੇ.ਪੀ.’ ਦਾ ਅਧਿਕਾਰਤ ਐਕਸ ਖਾਤਾ ਬੈਨ ਕਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਨੌਜਵਾਨਾਂ ਦਾ ਜੋਸ਼ ਮੱਠਾ ਨਹੀਂ ਪਿਆ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਇੱਕ ਟਿੱਪਣੀ ਤੋਂ ਬਾਅਦ ਵਿਅੰਗ ਵਜੋਂ ਸ਼ੁਰੂ ਹੋਈ ‘Cockroach Janta Party’ ਨੇ ਇੰਸਟਾਗ੍ਰਾਮ ‘ਤੇ ਫਾਲੋਅਰਜ਼ ਦੇ ਮਾਮਲੇ ਵਿਚ ਸੱਤਾਧਾਰੀ ਭਾਜਪਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਡਿਜੀਟਲ ਪਲੇਟਫਾਰਮ ਨੇ ਪੇਪਰ ਲੀਕ ਮਾਫੀਆ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਦੇ ਫੇਲ੍ਹ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਤੱਕ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਇਹ ਮੁਹਿੰਮ ਦੇਸ਼ ਦੇ ਹਰ ਕੋਨੇ ਵਿਚ ਔਨਲਾਈਨ ਅਤੇ ਔਫਲਾਈਨ ਮਾਧਿਅਮ ਰਾਹੀਂ ਜਾਰੀ ਰਹੇਗੀ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਡਿਜੀਟਲ ਮੁਹਿੰਮ ਦਾ ਸਮਰਥਨ ਕਰਦਿਆਂ ਪ੍ਰੀਖਿਆ ਪ੍ਰਣਾਲੀ ਵਿਚ ਵੱਡੇ ਸੁਧਾਰਾਂ ਦੀ ਮੰਗ ਕੀਤੀ ਹੈ।
Cockroach Janta Party ਵੱਲੋਂ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮੁਹਿੰਮ ਸ਼ੁਰੂ

