#INDIA

Congress ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮੇਟੀਆਂ ਦਾ ਗਠਨ

-ਰਾਜਾ ਵੜਿੰਗ, ਸਿੱਧੂ ਤੇ ਚੰਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਨਵੀਂ ਦਿੱਲੀ, 24 ਜਨਵਰੀ (ਪੰਜਾਬ ਮੇਲ)- ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਤੇ ਉੱਤਰਾਖੰਡ ਲਈ ਸੂਬਾ ਚੋਣ ਕਮੇਟੀਆਂ ਦਾ ਗਠਨ ਕੀਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੁਗੋਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ, ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨੇ ਇਨ੍ਹਾਂ ਕਮੇਟੀਆਂ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਗਠਿਤ ਸੂਬਾ ਚੋਣ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਅੰਬਿਕਾ ਸੋਨੀ, ਮਨੀਸ਼ ਤਿਵਾੜੀ, ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਰਜਿੰਦਰ ਕੌਲ ਭੱਠਲ, ਰਵਨੀਤ ਸਿੰਘ ਬਿੱਟੂ, ਪਰਗਟ ਸਿੰਘ ਸਮੇਤ 27 ਵਿਅਕਤੀਆਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੂਬਾ ਮਹਿਲਾ ਕਾਂਗਰਸ ਪ੍ਰਧਾਨ, ਸੂਬਾ ਯੂਥ ਕਾਂਗਰਸ ਪ੍ਰਧਾਨ, ਸੇਵਾ ਦਲ ਪ੍ਰਧਾਨ ਅਤੇ ਐੱਨ.ਐੱਸ.ਯੂ.ਆਈ. ਪ੍ਰਧਾਨ ਨੂੰ ਕਮੇਟੀ ਵਿਚ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਉੱਤਰਾਖੰਡ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਕਰਨ ਮਹਾਰਾ ਦੀ ਪ੍ਰਧਾਨਗੀ ਹੇਠ ਗਠਿਤ ਕਮੇਟੀ ਵਿਚ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਸੀਨੀਅਰ ਆਗੂ ਪ੍ਰੀਤਮ ਸਿੰਘ, ਯਸ਼ਪਾਲ ਆਰਿਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਚਾਰ ਵਿਭਾਗ ਦੇ ਸਕੱਤਰ ਵੈਭਵ ਵਾਲੀਆ ਤੇ ਹੋਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।