#PUNJAB

Congress ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਸੀਟ ਤੋਂ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ, ਦਿੱਲੀ ਤੇ ਉੱਤਰ ਪ੍ਰਦੇਸ਼ ਦੀਆਂ 10 ਹੋਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ (ਐੱਸਸੀ) ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ ਜਦਕਿ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਤੋਂ ਮੈਦਾਨ ਵਿੱਚ ਨਿੱਤਰਨਗੇ। ਇਸੇ ਤਰ੍ਹਾਂ ਹਾਲ ਹੀ ਵਿੱਚ ਕਾਂਗਰਸ ’ਚ ਸ਼ਾਮਲ ਹੋਏ ‘ਆਪ’ ਦੇ ਸਾਬਕਾ ਵਿਧਾਇਕ ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ, ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ, ਅਮਰ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਅਤੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਵੋਟਾਂ ਪਹਿਲੀ ਜੂਨ ਨੂੰ ਪੈਣਗੀਆਂ।

ਇਸੇ ਤਰ੍ਹਾਂ ਕੌਮੀ ਰਾਜਧਾਨੀ ਦਿੱਲੀ ਦੇ ਚਾਂਦਨੀ ਚੌਕ ਤੋਂ ਜੇ.ਪੀ. ਅਗਰਵਾਲ, ਉੱਤਰ-ਪੂਰਬੀ ਦਿੱਲੀ ਤੋਂ ਕਨ੍ਹੱਈਆ ਕੁਮਾਰ ਅਤੇ ਉੱਤਰ-ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਸਾਬਕਾ ਸੰਸਦ ਮੈਂਬਰ ਉਦਿਤ ਰਾਜ ਨੂੰ ਟਿਕਟ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਵਿੱਚ ਇਲਾਹਾਬਾਦ ਤੋਂ ਉੱਜਵਲ ਰੇਵਾਤੀ ਰਮਨ ਸਿੰਘ ਨੂੰ ਟਿਕਟ ਦਿੱਤੀ ਗਈ ਹੈ।