#PUNJAB

Delhi ਕਮੇਟੀ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸ਼ਿਕਾਇਤ

-ਗੁਰਦੁਆਰੇ ‘ਚ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ‘ਚ ਸਰਨਾ ਤੇ ਜੀ.ਕੇ. ਖ਼ਿਲਾਫ਼ ਕਾਰਵਾਈ ਮੰਗੀ
ਅੰਮ੍ਰਿਤਸਰ, 5 ਫਰਵਰੀ (ਪੰਜਾਬ ਮੇਲ)- ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਇਕ ਵਾਰ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਕੀਤੀ ਹੈ।
ਸ਼੍ਰੀ ਕਾਲਕਾ ਨੇ ਪੱਤਰ ਵਿਚ ਕਿਹਾ ਕਿ ਦਿੱਲੀ ਕਮੇਟੀ ਸਿੱਖਾਂ ਦੀ ਦੂਜੀ ਵੱਡੀ ਚੁਣੀ ਹੋਈ ਧਾਰਮਿਕ ਜਥੇਬੰਦੀ ਹੈ, ਜਿਸ ਵੱਲੋਂ ਪਹਿਲਾਂ ਵੀ 24 ਨਵੰਬਰ ਨੂੰ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੀ ਸਰਨਾ ਅਤੇ ਸ਼੍ਰੀ ਜੀ.ਕੇ. ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਚ 18 ਨਵੰਬਰ ਨੂੰ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਸਬੰਧੀ ਦਿੱਲੀ ਕਮੇਟੀ ਅਤੇ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਆਦਿ ਮੰਚਾਂ ‘ਤੇ ਬਦਨਾਮ ਕਰਨ ਦੇ ਦੋਸ਼ ਵਿਚ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਪਰ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਹਾਲੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਗੁਰਦੁਆਰੇ ਦੇ ਅੰਦਰ ਹੁੱਲੜਬਾਜ਼ੀ ਅਤੇ ਨਾਅਰੇਬਾਜ਼ੀ ਕਰਨਾ ਜਾਇਜ਼ ਹੈ?
ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਇਤਿਹਾਸ ਨਾਲ ਛੇੜਛਾੜ ਦਾ ਦੋਸ਼
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਕ ਵੀਡੀਓ ਰਾਹੀ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸ਼ਿਕਾਇਤ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿਚ ਸ਼੍ਰੀ ਸਿਰਸਾ ਵੱਲੋਂ ਗੁਰਦੁਆਰਾ ਰਕਾਬ ਗੰਜ ਬਾਰੇ ਚਰਚਾ ਕੀਤੀ ਜਾ ਰਹੀ ਹੈ। ਸ਼੍ਰੀ ਸਰਨਾ ਨੇ ਦੋਸ਼ ਲਾਇਆ ਕਿ ਸ਼੍ਰੀ ਸਿਰਸਾ ਨੇ ਗੁਰਦੁਆਰਾ ਰਕਾਬ ਗੰਜ ਦੇ ਇਤਿਹਾਸ ਬਾਰੇ ਗਲਤ ਬਿਆਨਬਾਜ਼ੀ ਕੀਤੀ ਹੈ, ਜੋ ਕਿ ਇਤਿਹਾਸ ਨਾਲ ਛੇੜਛਾੜ ਕਰਨ ਵਾਲੀ ਗੱਲ ਹੈ ਅਤੇ ਇਸ ਮਾਮਲੇ ਵਿਚ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।