#PUNJAB

Drugs ਤਸਕਰੀ ਦੇ ਕਾਰੋਬਾਰ ‘ਚ ਪੰਜਾਬੀ ਔਰਤਾਂ ਸਿਖਰ ‘ਤੇ!

ਚੰਡੀਗੜ੍ਹ, 14 ਦਸੰਬਰ (ਪੰਜਾਬ ਮੇਲ)-ਦੇਸ਼ ‘ਚ ਨਸ਼ਾ ਤਸਕਰੀ ਦੇ ਕਾਰੋਬਾਰ ਵਿਚ ਪੰਜਾਬੀ ਔਰਤਾਂ ਸਿਖਰ ‘ਤੇ ਹਨ। ਸਮੁੱਚੇ ਮੁਲਕ ਵਿਚ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਹੋਣ ਵਾਲੀਆਂ ਮਹਿਲਾਵਾਂ ਵਿਚ ਸਭ ਤੋਂ ਵੱਧ ਗਿਣਤੀ ਪੰਜਾਬੀ ਔਰਤਾਂ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਤਿੰਨ ਵਰ੍ਹਿਆਂ ਵਿਚ ਦੇਸ਼ ਭਰ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ 9631 ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ 3,164 (32.85 ਫ਼ੀਸਦੀ) ਔਰਤਾਂ ਪੰਜਾਬੀ ਹਨ। ਪੰਜਾਬ ਦੇ ਦਰਜਨਾਂ ਪਿੰਡ ਅਜਿਹੇ ਹਨ, ਜਿੱਥੇ ਔਰਤਾਂ ‘ਤੇ ਨਸ਼ਾ ਤਸਕਰੀ ਦੇ ਜ਼ਿਆਦਾ ਕੇਸ ਦਰਜ ਹਨ।
ਕੌਮੀ ਕ੍ਰਾਈਮ ਰਿਕਾਰਡ ਬਿਊਰੋ ਦੇ ਤੱਥਾਂ ਅਨੁਸਾਰ ਸਾਲ 2022 ਵਿਚ ਦੇਸ਼ ਭਰ ‘ਚ ਐੱਨ.ਡੀ.ਪੀ.ਐੱਸ. ਐਕਟ ਤਹਿਤ 4000 ਔਰਤਾਂ ਦੀ ਗ੍ਰਿਫ਼ਤਾਰੀ ਹੋਈ ਹੈ ਅਤੇ ਪੰਜਾਬ ਵਿਚ ਇਹ ਅੰਕੜਾ 1,448 ਔਰਤਾਂ ਦਾ ਹੈ। ਦੂਸਰੇ ਨੰਬਰ ‘ਤੇ ਤਾਮਿਲਨਾਡੂ ‘ਚ 490 ਤੇ ਹਰਿਆਣਾ ਵਿਚ 337 ਔਰਤਾਂ ਫੜੀਆਂ ਗਈਆਂ ਹਨ। ਸਾਲ 2021 ਵਿਚ ਸਮੁੱਚੇ ਮੁਲਕ ‘ਚ 3,104 ਔਰਤਾਂ ਇਸ ਦੋਸ਼ ਹੇਠ ਫੜੀਆਂ ਗਈਆਂ ਸਨ, ਜਦਕਿ ਪੰਜਾਬ ਵਿਚ 928 ਔਰਤਾਂ ਦੀ ਗ੍ਰਿਫ਼ਤਾਰੀ ਹੋਈ ਸੀ। ਇਸੇ ਤਰ੍ਹਾਂ ਸਾਲ 2020 ‘ਚ ਗ੍ਰਿਫ਼ਤਾਰ ਹੋਈਆਂ ਕੁਲ 2527 ਔਰਤਾਂ ‘ਚੋਂ ਪੰਜਾਬ ਵਿਚ ਫੜੀਆਂ ਗਈਆਂ ਔਰਤਾਂ ਦਾ ਅੰਕੜਾ 788 ਸੀ। ਤਿੰਨਾਂ ਵਰ੍ਹਿਆਂ ਦੌਰਾਨ ਸਭ ਤੋਂ ਵੱਧ ਗ੍ਰਿਫ਼ਤਾਰੀ ਪੰਜਾਬੀ ਔਰਤਾਂ ਦੀ ਹੋਈ ਹੈ। ਇਸ ਤੋਂ ਪਹਿਲਾਂ ਔਰਤਾਂ ਸਰਕਾਰੀ ਸ਼ਰਾਬ ਦੇ ਠੇਕਿਆਂ ਦੇ ਕਾਰੋਬਾਰ ਵਿਚ ਵੀ ਕੁੱਦੀਆਂ ਹਨ। ਇਕ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਾਂ ‘ਚ ਬੰਦ ਔਰਤਾਂ ‘ਚੋਂ ਬਹੁਗਿਣਤੀ ਐੱਨ.ਡੀ.ਪੀ.ਐੱਸ. ਦੇ ਕੇਸਾਂ ਤਹਿਤ ਆਈਆਂ ਹਨ। ਪੰਜਾਬ ਦੀਆਂ ਜੇਲ੍ਹਾਂ ਦੀ ਸਮਰੱਥਾ ਇਸ ਵੇਲੇ 26,556 ਬੰਦੀਆਂ ਦੀ ਹੈ, ਜਦਕਿ ਇਨ੍ਹਾਂ ਵਿਚ ਇਸ ਵੇਲੇ 31,218 (117.55 ਫ਼ੀਸਦੀ) ਕੈਦੀ ਬੰਦ ਹਨ। ਇਨ੍ਹਾਂ ‘ਚ ਔਰਤਾਂ ਦੀ ਗਿਣਤੀ 1497 ਹੈ। ਬਾਰਡਰ ਰੇਂਜ ਦੇ ਡੀ.ਆਈ.ਜੀ. ਨਰਿੰਦਰ ਭਾਰਗਵ ਦਾ ਕਹਿਣਾ ਹੈ ਕਿ ਬਹੁਤੀਆਂ ਔਰਤਾਂ ਦੇ ਪਤੀ ਨਸ਼ੇੜੀ ਹੁੰਦੇ ਹਨ ਤੇ ਉਨ੍ਹਾਂ ਨੂੰ ਮਜਬੂਰੀ ਹੇਠ ਇਹ ਕੰਮ ਕਰਨਾ ਪੈਂਦਾ ਹੈ। ਬਹੁਤੇ ਕੇਸਾਂ ਵਿਚ ਨਸ਼ਾ ਤਸਕਰੀ ਦਾ ਕੰਮ ਪਤੀ-ਪਤਨੀ ਦੋਵੇਂ ਕਰਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦੋਨਾਖੁਰਦ, ਮੁਕਤਸਰ ਦੇ ਪਿੰਡ ਝੋਰੜ, ਬਠਿੰਡਾ ਦੇ ਪਿੰਡ ਬੀੜ ਤਲਾਬ ਆਦਿ ‘ਚ ਕਈ ਔਰਤਾਂ ‘ਤੇ 2 ਤੋਂ ਜ਼ਿਆਦਾ ਕੇਸ ਦਰਜ ਹਨ।

ਬੱਚੇ ਵੀ ਨਸ਼ਾ ਤਸਕਰੀ ਦੇ ਰਾਹ ਪਏ
ਪੰਜਾਬ ਵਿਚ ਬੱਚੇ ਵੀ ਨਸ਼ਾ ਤਸਕਰੀ ਦੇ ਰਾਹ ਪੈ ਗਏ ਹਨ। ਬੀਤੇ ਤਿੰਨ ਸਾਲਾਂ ਵਿਚ 78 ਨਾਬਾਲਗਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਲ 2022 ਵਿਚ 37 ਨਾਬਾਲਗ, ਸਾਲ 2021 ਵਿਚ 25 ਤੇ ਸਾਲ 2020 ਵਿਚ 16 ਨਾਬਾਲਗਾਂ ਨੂੰ ਪੰਜਾਬ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਵਿਚ ਤਿੰਨ ਸਾਲਾਂ ਦੌਰਾਨ 55 ਨਾਬਾਲਗਾਂ ਦੀ ਗ੍ਰਿਫ਼ਤਾਰੀ ਹੋਈ ਹੈ।