#INDIA

E.D. ਨੇ ਮੈਨੂੰ ਗਲਤ ਸੰਮਨ ਭੇਜਿਆ : ਕੇਜਰੀਵਾਲ

ਕਿਹਾ : ਕੋਈ ਘਪਲਾ ਨਹੀਂ ਹੋਇਆ
ਨਵੀਂ ਦਿੱਲੀ, 4 ਜਨਵਰੀ (ਪੰਜਾਬ ਮੇਲ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਉਨ੍ਹਾਂ ਨੂੰ ਗਲਤ ਸੰਮਨ ਭੇਜਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਸਭ ਤੋਂ ਵੱਡੀ ਤਾਕਤ, ਸੰਪਤੀ ਮੇਰੀ ਇਮਾਨਦਾਰੀ ਹੈ। ਮੈਂ ਈ.ਡੀ. ਨੂੰ ਵਿਸਥਾਰ ਨਾਲ ਦੱਸਿਆ ਹੈ ਕਿ ਸੰਮਨ ਗੈਰ-ਕਾਨੂੰਨੀ ਕਿਉਂ ਹਨ, ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ। ਕੋਈ ਆਬਕਾਰੀ ਘਪਲਾ ਨਹੀਂ ਹੈ। ਭਾਜਪਾ ਚਾਹੁੰਦੀ ਹੈ ਕਿ ਮੈਂ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਨਾ ਕਰਾਂ। ਜੇ ਕਾਨੂੰਨੀ ਤੌਰ ‘ਤੇ ਯੋਗ ਸੰਮਨ ਭੇਜਿਆ ਜਾਂਦਾ ਹੈ ਤਾਂ ਮੈਂ ਸਹਿਯੋਗ ਕਰਾਂਗਾ।
ਦੂਜੇ ਪਾਸੇ ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿਚ ਜਾਂਚ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਚੌਥਾ ਸੰਮਨ ਜਾਰੀ ਕਰ ਸਕਦਾ ਹੈ। ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਮਨ ‘ਤੇ ਈ.ਡੀ. ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਏਜੰਸੀ ਦਾ ਮਕਸਦ ਸਿਰਫ਼ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਹੈ।