#PUNJAB

Election ਜ਼ਾਬਤਾ ਲੱਗਣ ਤੋਂ ਪਹਿਲਾਂ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾਣ : ਮੁੱਖ ਮੰਤਰੀ ਮਾਨ

ਨਾਗਰਿਕ ਸੇਵਾਵਾਂ ਮੁਹੱਈਆ ਕਰਾਉਣ ਸਬੰਧੀ ਸਮੀਖਿਆ ਮੀਟਿੰਗ ਕੀਤੀ
ਚੰਡੀਗੜ੍ਹ, 1 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਇਥੇ ਡਿਪਟੀ ਕਮਿਸ਼ਨਰਾਂ ਨੂੰ ਦੋ ਨੁਕਾਤੀ ਏਜੰਡੇ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਹਿਲਾ ਇਹ ਕਿ ਵਿੱਤੀ ਮਾਲੀਏ ਵਿਚ ਵਾਧੇ ਲਈ ਕਦਮ ਉਠਾਏ ਜਾਣ ਅਤੇ ਦੂਜਾ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ/ਸਕੀਮਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਵਾਇਆ ਜਾਵੇ। ਅਗਲੀਆਂ ਲੋਕ ਸਭਾ ਚੋਣਾਂ ਵਾਸਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦਾ ਟੀਚਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਨਾਗਰਿਕ ਸੇਵਾਵਾਂ ਮੁਹੱਈਆ ਕਰਾਉਣ ਸਬੰਧੀ ਬੁੱਧਵਾਰ ਇਥੇ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਈ ਪ੍ਰਾਜੈਕਟਾਂ ‘ਤੇ ਤਸੱਲੀ ਜ਼ਾਹਿਰ ਕੀਤੀ ਤੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। 43 ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਵਾਲੀ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨ ਵਾਸਤੇ ਕਿਹਾ। ਮੁੱਖ ਮੰਤਰੀ ਨੇ ਸਿਹਤ ਮਹਿਕਮੇ ਦੀ ਕਾਰਗੁਜ਼ਾਰੀ ਬਾਰੇ ਚਰਚਾ ਕਰਦਿਆਂ ਕਿਹਾ ਕਿ 664 ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 98 ਲੱਖ ਮਰੀਜ਼ ਇਲਾਜ ਦੀ ਸਹੂਲਤ ਲੈ ਚੁੱਕੇ ਹਨ, ਜਿਨ੍ਹਾਂ ਦੀ ਦਵਾਈ ‘ਤੇ 40.50 ਕਰੋੜ ਅਤੇ ਲੈਬ ਟੈਸਟਾਂ ‘ਤੇ 5.77 ਕਰੋੜ ਦਾ ਖਰਚਾ ਆਇਆ ਹੈ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਐੱਸ.ਏ.ਐੱਸ. ਨਗਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ 13 ਨਵੇਂ ਸਕੂਲ ਆਫ ਐਮੀਨੈਂਸ ਖੋਲ੍ਹੇਗੀ।
ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਸਰਕਾਰੀ ਸਕੂਲਾਂ ਵਿਚ 31 ਮਾਰਚ ਤੱਕ ਚਾਰਦੀਵਾਰੀ, ਪਖਾਨੇ, ਫਰਨੀਚਰ, ਪੀਣ ਵਾਲੇ ਪਾਣੀ ਦੀ ਸਹੂਲਤ ਦੇ ਨਾਲ-ਨਾਲ ਇੰਟਰਨੈੱਟ/ਵਾਈ-ਫਾਈ ਦੀ ਸਹੂਲਤ ਯਕੀਨੀ ਬਣਾਉਣ ਲਈ ਵੀ ਕਿਹਾ।
ਮੁੱਖ ਮੰਤਰੀ ਨੇ ਲੋੜਵੰਦਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਮਨਰੇਗਾ ਸਕੀਮ ਦੀ ਸੁਚੱਜੀ ਵਰਤੋਂ ਕਰਨ ਲਈ ਕਿਹਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਕੌਮੀ ਮਾਰਗ ਦੇ ਉਸਾਰੀ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਸਾਂਭ-ਸੰਭਾਲ ਲਈ ਪੀ.ਡਬਲਊ.ਡੀ. ਅਧਿਕਾਰੀਆਂ ਨੂੰ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਗਏ ਹਨ।