ਸ਼ੰਭੂ/ਪਟਿਆਲਾ/ਅੰਬਾਲਾ, 6 ਦਸੰਬਰ (ਪੰਜਾਬ ਮੇਲ)- ਇੱਥੋਂ ਕਿਸਾਨਾਂ ਨੇ ਅੱਜ ਦੁਪਹਿਰ ਇਕ ਵਜੇ ਦਿੱਲੀ ਚੱਲੋ ਮਾਰਚ ਸ਼ੁਰੂ ਕੀਤਾ ਪਰ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਬਾਅਦ ਅੱਠ ਕਿਸਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ ਇਕ ਮੁੱਖ ਕਿਸਾਨ ਆਗੂ ਵੀ ਸ਼ਾਮਲ ਹੈ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਲਈ ਆਪਣਾ ਪੈਦਲ ਮਾਰਚ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਮੱਦੇਨਜ਼ਰ ਉਨ੍ਹਾਂ ਅੱਜ ਲਈ ਆਪਣਾ ‘ਜਥਾ’ ਵਾਪਸ ਬੁਲਾ ਲਿਆ ਹੈ ਪਰ ਕਿਸਾਨਾਂ ਦਾ ਅਗਲਾ ਜਥਾ 8 ਦਸੰਬਰ ਨੂੰ ਦਿੱਲੀ ਰਵਾਨਾ ਹੋਵੇਗਾ। ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾਣ ਕਾਰਨ ਅੱਠ ਕਿਸਾਨ ਜ਼ਖ਼ਮੀ ਹੋ ਗਏ ਹਨ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਦਿੱਲੀ ਕੂਚ ਦਾ ਪ੍ਰੋਗਰਾਮ ਹਾਲੇ ਵੀ ਸਟੈਂਡ ਕਰਦਾ ਹੈ, ਉਨ੍ਹਾਂ ਨੇ ਸਿਰਫ ਅੱਜ ਲਈ ਇਹ ਜਥਾ ਵਾਪਸ ਬੁਲਾਉਣ ਦਾ ਫੈਸਲਾ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ਖਮੀ ਕਿਸਾਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਸ ਤੋਂ ਪਹਿਲਾਂ ਦੁਪਹਿਰ ਵੇਲੇ ਕਿਸਾਨਾਂ ਨੇ ਸਰਹੱਦ ’ਤੇ ਬੈਰੀਕੇਡ ਹੇਠਾਂ ਸੁੱਟ ਦਿੱਤੇ ਤੇ ਤਾਰਾਂ ਪੱਟ ਦਿੱਤੀਆਂ ਹਨ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਤੇ ਸੁਰੱਖਿਆ ਬਲਾਂ ਨੇ ਰੋਕ ਲਿਆ ਹੈ। ਇਸ ਮੌਕੇ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਲਈ ਕਿਹਾ ਜਿਸ ਤੋਂ ਬਾਅਦ ਹਰਿਆਣਾ ਪੁਲੀਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਪਰ ਕਿਸਾਨ ਦਿੱਲੀ ਜਾਣ ਲਈ ਅੜੇ ਰਹੇ ਤੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ।
ਇਸ ਮੌਕੇ ਸ਼ੰਭੂ ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਜਿਸ ਕਾਰਨ ਅੱਧੀ ਦਰਜਨ ਕਿਸਾਨ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਵਿੱਚ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਵੀ ਸ਼ਾਮਲ ਹਨ। ਹਰਿਆਣਾ ਪੁਲੀਸ ਵੱਲੋਂ ਇਸ ਮੌਕੇ ਕਵਰੇਜ ਕਰ ਰਹੇ ਮੀਡੀਆ ਕਰਮੀਆਂ ’ਤੇ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸ ਮੌਕੇ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਤਾਂ ਸ਼ਾਂਤੀਪੂਰਵਕ ਅੱਗੇ ਜਾਣਾ ਚਾਹੁੰਦੇ ਹਨ ਪਰ ਕਿਸਾਨਾਂ ਨਾਲ ਪੁਲੀਸ ਧੱਕਾ ਕਰ ਰਹੀ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਕਿਸਾਨ ਕਿਸੇ ਵੀ ਸੂਰਤ ਵਿਚ ਅੱਗੇ ਨਹੀਂ ਵਧਣੇ ਚਾਹੀਦੇ।