#PUNJAB

Gagandeep Randhawa Case: ਅਧਿਕਾਰੀ ਦਾ ਪਰਿਵਾਰ ਪੁਲੀਸ ਦੀ ਜਾਂਚ ਤੋਂ ਅਸੰਤੁਸ਼ਟ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)-  ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਉਨ੍ਹਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਰੰਧਾਵਾ ਦੀ ਪਤਨੀ ਓਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਪਰਿਵਾਰ ਨੂੰ ਇਸ ਸਬੰਧੀ ਸੁਨੇਹੇ ਮਿਲ ਰਹੇ ਹਨ ਪਰ ਉਹ ਸਮਝੌਤਾ ਨਹੀਂ ਕਰਨਗੇ ਕਿਉਂਕਿ ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੰਤਰੀ ਨੇ ਭ੍ਰਿਸ਼ਟਾਚਾਰ ਰਾਹੀਂ ਵੱਡੀ ਜਾਇਦਾਦ ਇਕੱਠੀ ਕੀਤੀ ਹੈ। ਉਨ੍ਹਾਂ ਇਸ ਜਾਇਦਾਦ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਦੀ ਵੀ ਮੰਗ ਕੀਤੀ। ਸਰਕਾਰ ਦੀ ਚੱਲ ਰਹੀ ਜਾਂਚ ਦੌਰਾਨ ਹੁਣ ਤੱਕ ਕਿਸੇ ਨੇ ਵੀ ਪਰਿਵਾਰ ਨਾਲ ਸੰਪਰਕ ਨਹੀਂ ਕੀਤਾ, ਜਦੋਂ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ 20 ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਸ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ, ਜਦੋਂ ਕਿ ਉਹ ਤਰਨ ਤਾਰਨ ਵਿੱਚ ਪੁਲੀਸ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਕੋਲ ਇਸ ਸਬੰਧੀ ਲੋੜੀਂਦੇ ਸਬੂਤ ਵੀ ਹਨ। ਦਿਲਬਾਗ ਸਿੰਘ, ਜੋ ਪੱਟੀ ਦਾ ਬਲਾਕ ਸਮਿਤੀ ਮੁਖੀ ਹੈ, ਪੁਲੀਸ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਆਖਿਆ ਕਿ ਪਤੀ ਨਾਲ ਵਾਪਰੀਆਂ ਘਟਨਾਵਾਂ ਸਮੇਂ ਉੱਥੇ ਹੋਰ ਵੀ ਕਈ ਵਿਅਕਤੀ ਮੌਜੂਦ ਸਨ, ਜਿਨ੍ਹਾਂ ਬਾਰੇ ਪੁਲੀਸ ਨੂੰ ਜਾਣਕਾਰੀ ਵੀ ਦਿੱਤੀ ਗਈ ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਨਾਂ ਐੱਫ ਆਈ ਆਰ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਨੂੰ ਜੇਲ੍ਹ ਵਿੱਚ ਵੀ ਆਈ ਪੀ ਟਰੀਟਮੈਂਟ ਦਿੱਤੀ ਜਾ ਰਹੀ ਹੈ।