ਸੈਨ ਡਿਆਗੋ, 9 ਮਾਰਚ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸੈਨ ਡਿਆਗੋ ਸ਼ਹਿਰ ‘ਚ ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਵੱਲੋਂ ਭਾਰਤ ਮੂਲ ਦੇ ਜਸਕਰਨ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਸਦੇ ਖ਼ਿਲਾਫ਼ ਪਹਿਲਾਂ ਤੋਂ ਹੀ ਅਮਰੀਕਾ ਛੱਡਣ ਲਈ ਅਧਿਕਾਰਕ ਰਿਮੂਵਲ ਆਰਡਰ ਜਾਰੀ ਕੀਤਾ ਗਿਆ ਸੀ। ਇਹ ਕਾਰਵਾਈ ਉਸ ਦੇ ਅਪਰਾਧਿਕ ਪਿਛੋਕੜ ਅਤੇ ਅਮਰੀਕੀ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜਸਕਰਨ ਸਿੰਘ ਇਕ ਹਿੱਟ ਐਂਡ ਰਨ ਸਣੇ ਕਈ ਕੇਸਾਂ ‘ਚ ਲੋੜੀਂਦਾ ਸੀ। ਅਮਰੀਕੀ ਕਾਨੂੰਨ ਮੁਤਾਬਕ, ਜੇਕਰ ਕੋਈ ਵਿਦੇਸ਼ੀ ਨਾਗਰਿਕ ਅਜਿਹੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਇਮੀਗ੍ਰੇਸ਼ਨ ਸਟੇਟਸ ਨੂੰ ਤੁਰੰਤ ਰੱਦ ਕੀਤਾ ਜਾ ਸਕਦਾ ਹੈ। ਰਿਪੋਰਟਾਂ ਅਨੁਸਾਰ, ਉਹ ਅਮਰੀਕਾ ਵਿਚ ਇੱਕ ‘ਗੈਰ-ਕਾਨੂੰਨੀ ਪ੍ਰਵਾਸੀ’ ਵਜੋਂ ਰਹਿ ਰਿਹਾ ਸੀ। ICE ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਹੁਣ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਅਮਰੀਕਾ ਆਪਣੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਰਿਹਾ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਕਿਸੇ ਵੀ ਅਜਿਹੇ ਵਿਅਕਤੀ ਨੂੰ ਬਰਦਾਸ਼ਤ ਨਹੀਂ ਕਰਨਗੇ, ਜਿਸ ਦਾ ਰਿਕਾਰਡ ਦੇਸ਼ ਦੀ ਸੁਰੱਖਿਆ ਲਈ ਖਤਰਾ ਹੋਵੇ। ਜਸਕਰਨ ਸਿੰਘ ਨੂੰ ਫਿਲਹਾਲ ICE ਦੀ ਹਿਰਾਸਤ ਵਿਚ ਰੱਖਿਆ ਗਿਆ ਹੈ। ਇਮੀਗ੍ਰੇਸ਼ਨ ਜੱਜ ਵੱਲੋਂ ਉਸ ਦੇ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਹ ਤੈਅ ਹੋਵੇਗਾ ਕਿ ਉਸ ਨੂੰ ਕਦੋਂ ਅਤੇ ਕਿਵੇਂ ਭਾਰਤ ਵਾਪਸ ਭੇਜਿਆ ਜਾਵੇਗਾ।
ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ।
ਅਧਿਕਾਰੀਆਂ ਮੁਤਾਬਕ ਇਮੀਗ੍ਰੇਸ਼ਨ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਇਸ ਮਾਮਲੇ ਨੇ ਅਮਰੀਕਾ ਵਿਚ ਇਮੀਗ੍ਰੇਸ਼ਨ ਨੀਤੀਆਂ ਅਤੇ ਕਾਨੂੰਨੀ ਪ੍ਰਕਿਰਿਆ ਬਾਰੇ ਚਰਚਾ ਨੂੰ ਇੱਕ ਵਾਰ ਫਿਰ ਉਭਾਰ ਦਿੱਤਾ ਹੈ।
ICE ਵੱਲੋਂ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ; ਦੇਸ਼ ਨਿਕਾਲੇ ਦੀ ਤਿਆਰੀ

