#INDIA

Jail ਤੋਂ ਹੀ ਸਰਕਾਰ ਚਲਾਵਾਂਗਾ : ਕੇਜਰੀਵਾਲ

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮਾਮਲੇ ਦੀ ਰਾਊਜ ਐਵੇਨਿਊ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਤੋਂ 6 ਦਿਨ ਦਾ ਈ.ਡੀ. ਰਿਮਾਂਡ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਨਹੀਂ ਦੇਵਾਂਗਾ। ਮੈਂ ਤੰਦਰੁਸਤ ਹਾਂ ਅਤੇ ਜੇਲ੍ਹ ਤੋਂ ਹੀ ਸਰਕਾਰ ਚਲਾਵਾਂਗਾ।
ਰਾਉਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ. ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਂਕਿ ਈ.ਡੀ. ਨੇ ਕੇਜਰੀਵਾਲ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਉਨ੍ਹਾਂ ਨੂੰ 6 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਉਹ 28 ਮਾਰਚ ਨੂੰ ਦੁਪਹਿਰ 2 ਵਜੇ ਅਦਾਲਤ ਵਿਚ ਪੇਸ਼ ਹੋਣਗੇ। ਇਸ ਦਾ ਮਤਲਬ ਹੈ ਕਿ ਕੇਜਰੀਵਾਲ ਦੀ ਹੋਲੀ ਜੇਲ੍ਹ ‘ਚ ਹੀ ਮਨਾਈ ਜਾਵੇਗੀ। ਅਦਾਲਤ ਦੇ ਫੈਸਲੇ ਤੋਂ ਪਹਿਲਾਂ ਦੋਵਾਂ ਧਿਰਾਂ ਨੇ ਅਦਾਲਤ ਵਿਚ ਦਲੀਲਾਂ ਦਿੱਤੀਆਂ। ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ। ਨਾਲ ਹੀ ਸਵਾਲ ਉਠਾਇਆ ਕਿ ਜਦੋਂ ਈ.ਡੀ. ਕੋਲ ਸਭ ਕੁਝ ਹੈ ਤਾਂ ਗ੍ਰਿਫ਼ਤਾਰੀਆਂ ਕਿਉਂ ਕੀਤੀਆਂ ਗਈਆਂ। ਦੂਜੇ ਪਾਸੇ ਦੇਸ਼ ਭਰ ‘ਚ ਆਮ ਆਦਮੀ ਪਾਰਟੀ ਦੇ ਵਰਕਰ ਸੜਕਾਂ ‘ਤੇ ਉਤਰ ਆਏ ਹਨ।