ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਕੇਂਦਰ ਸਰਕਾਰ ਵੱਲੋਂ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਸਾਬਕਾ ਡਾਇਰੈਕਟਰ ਜਨਰਲ (ਡੀ.ਜੀ.) ਦਿਨਕਰ ਗੁਪਤਾ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਜ਼ੈੱਡ-ਪਲੱਸ ਸ਼੍ਰੇਣੀ ਦੀ ਵੀ.ਆਈ.ਪੀ. ਸੁਰੱਖਿਆ ਛੱਤਰੀ ਮੁਹੱਈਆ ਕਰਵਾਈ ਗਈ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਿਸ ਦੇ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਅਪ੍ਰੈਲ ਮਹੀਨੇ ਸੇਵਾਮੁਕਤ ਹੋਏ ਸਨ। ਸੂਤਰਾਂ ਨੇ ਦੱਸਿਆ ਕਿ 1987 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਦੀ ਸੁਰੱਖਿਆ ਦਾ ਜ਼ਿੰਮਾ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਵੀ.ਆਈ.ਪੀ. ਸਕਿਉਰਿਟੀ ਵਿੰਗ ਨੂੰ ਸੌਂਪਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਗੁਪਤਾ ਦੀ ਪੰਜਾਬ ਤੇ ਦਿੱਲੀ ਵਿਚ ਮੌਜੂਦਗੀ ਦੌਰਾਨ ਸੀ.ਆਰ.ਪੀ.ਐੱਫ. ਦੇ 40 ਮੈਂਬਰੀ ਦਸਤੇ ਦੇ ਜਵਾਨ ਵਾਰੀ ਸਿਰ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ ਰਹਿਣਗੇ।