#INDIA

New Delhi ‘ਚ ਇਜ਼ਰਾਇਲੀ ਸਫ਼ਾਰਤਖ਼ਾਨੇ ਨੇੜੇ ਹੋਇਆ ਧਮਾਕਾ

ਨਵੀਂ ਦਿੱਲੀ, 27 ਦਸੰਬਰ (ਪੰਜਾਬ ਮੇਲ)- ਦਿੱਲੀ ਪੁਲਿਸ ਨੂੰ ਨਵੀਂ ਦਿੱਲੀ ‘ਚ ਇਜ਼ਰਾਇਲੀ ਸਫ਼ਾਰਤਖ਼ਾਨੇ ਨੇੜੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦਿੱਲੀ ਫਾਇਰ ਸਰਵਿਸ ਡਿਪਾਰਟਮੈਂਟ ਦੇ ਅਧਿਕਾਰੀਆਂ ਮੁਤਾਬਕ ਸ਼ਾਮ 5.47 ‘ਤੇ ਫ਼ੋਨ ਕਾਲ ਆਈ ਸੀ ਅਤੇ ਦਿੱਲੀ ਪੁਲਿਸ ਦੇ ਪੀ.ਸੀ.ਆਰ. (ਪੁਲਿਸ ਕੰਟਰੋਲ ਰੂਮ) ਰਾਹੀਂ ਟ੍ਰਾਂਸਫਰ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਹਾਲਾਂਕਿ ਪੁਲਿਸ ਨੂੰ ਮੌਕੇ ਤੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਸਫ਼ਾਰਤਖ਼ਾਨੇ ਦੇ ਸਾਰੇ ਕਰਮਚਾਰੀ ਸੁਰੱਖਿਅਤ ਹਨ ਅਤੇ ਉਹ ਮਾਮਲੇ ਦੀ ਜਾਂਚ ‘ਚ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਸਾਲ 2021 ‘ਚ ਦਿੱਲੀ ਦੇ ਲੁਟੀਅਨ ਜੋਨਸ ‘ਚ ਔਰੰਗਜ਼ੇਬ ਰੋਡ ‘ਤੇ ਸਥਿਤ ਇਜ਼ਰਾਇਲੀ ਸਫ਼ਾਰਤਖ਼ਾਨੇ ਦੇ ਬਾਹਰ ਧਮਾਕਾ ਹੋਇਆ ਸੀ। ਇਸ ਘਟਨਾ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੀਤੀ ਸੀ। ਘੱਟ ਤੀਬਰਤਾ ਵਾਲੇ ਆਈ.ਈ.ਡੀ. ਧਮਾਕੇ ਵਿਚ ਕੋਈ ਜ਼ਖਮੀ ਨਹੀਂ ਹੋਇਆ। ਹਾਲਾਂਕਿ ਨੇੜੇ ਖੜ੍ਹੇ ਕੁਝ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ।
ਇਹ ਘਟਨਾ ਭਾਰਤ ਅਤੇ ਇਜ਼ਰਾਈਲ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 29ਵੀਂ ਵਰ੍ਹੇਗੰਢ ਮੌਕੇ ਵਾਪਰੀ। ਇਸ ਘਟਨਾ ਤੋਂ ਬਾਅਦ ਇਜ਼ਰਾਇਲੀ ਸਫ਼ਾਰਤਖ਼ਾਨੇ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ।