#OTHERS

Pakistan ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਕੁਰੈਸ਼ੀ ਦੋਸ਼ੀ ਕਰਾਰ

ਇਸਲਾਮਾਬਾਦ, 14 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਗੁਪਤ ਦਸਤਾਵੇਜ਼ ਲੀਕ ਕਰਨ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਸਹਿਯੋਗੀ ਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਨੂੰ ‘ਸਾਈਫਰ’ ਮਾਮਲਾ ਵੀ ਕਿਹਾ ਜਾਂਦਾ ਹੈ। ਜੱਜ ਅਬੁਲ ਹਸਨਤ ਜ਼ੁਲਕਰਨੈਨ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿਚ ਕੇਸ ਦੀ ਸੁਣਵਾਈ ਕੀਤੀ, ਜਿੱਥੇ ਦੋਵੇਂ ਆਗੂ ਬੰਦ ਹਨ। ਜੱਜ ਨੇ ਉਨ੍ਹਾਂ ਦੀ ਮੌਜੂਦਗੀ ‘ਚ ਦੋਵਾਂ ਆਗੂਆਂ ‘ਤੇ ਲੱਗੇ ਦੋਸ਼ ਪੜ੍ਹ ਕੇ ਸੁਣਾਏ ਪਰ ਦੋਵਾਂ ਨੇ ਖੁਦ ਨੂੰ ਬੇਕਸੂਰ ਦੱਸਿਆ। ਇਹ ਦੂਜੀ ਵਾਰ ਹੈ, ਜਦੋਂ ਉਨ੍ਹਾਂ ‘ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 23 ਅਕਤੂਬਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਪਰ ਇਸਲਾਮਾਬਾਦ ਹਾਈ ਕੋਰਟ ਨੇ ਇਹ ਪ੍ਰਕਿਰਿਆ ਰੱਦ ਕਰ ਦਿੱਤੀ ਸੀ।