#PUNJAB

SGPC ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ: ਧਾਮੀ

ਮਾਛੀਵਾੜਾ, 25 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਇਨਸਾਫ਼ ਦੀ ਲੜਾਈ ਲੜ ਰਹੀ ਹੈ ਅਤੇ ਉਹ ਕੇਂਦਰ ਤੋਂ ਕੋਈ ਭੀਖ ਨਹੀਂ ਮੰਗ ਰਹੇ ਹਨ। ਉਨ੍ਹਾਂ ਭਾਈ ਰਾਜੋਆਣਾ ਦੀ ਰਿਹਾਈ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਯਤਨ ਕਰਨਗੇ।
ਸ਼੍ਰੀ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਮੁੱਦੇ ‘ਤੇ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਐੱਸ.ਜੀ.ਪੀ.ਸੀ. ਪ੍ਰਧਾਨ ਨੇ ਕਿਹਾ ਕਿ ਉਹ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਨ ਪਰ ਇਸ ਬਾਰੇ ਗੱਲਾਂ ਨੂੰ ਜਨਤਕ ਨਹੀਂ ਕਰ ਸਕਦੇ। ਇਸ ਮੌਕੇ ਹਲਕਾ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ, ਰਘਵੀਰ ਸਿੰਘ ਸਹਾਰਨਮਾਜਰਾ ਅਤੇ ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ) ਮੌਜੂਦ ਸਨ।