ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਕਮਜ਼ੋਰ ਨਹੀਂ ਹੋਣ ਦਿਆਂਗੇ : ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਵਿਚ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਬੁੱਧਵਾਰ ਇਥੇ ਸੈਕਟਰ-36 ਸਥਿਤ ਕਨਵੈਨਸ਼ਨ ਹਾਲ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਕੇਂਦਰ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਅਧਿਕਾਰਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਉਸ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਦ ਰੁੱਤ ਇਜਲਾਸ ਵਿਚ ਚੰਡੀਗੜ੍ਹ ਸਬੰਧੀ ਕੋਈ ਵੀ ਮਾਰੂ ਬਿੱਲ ਲਿਆਂਦਾ ਗਿਆ ਤਾਂ ਉਸ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਦੀ ਮੰਗ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਦਾ ਸਮਰਥਨ ਵੀ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ 16 ਸਾਲਾਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦੀ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ 2 ਦਸੰਬਰ ਨੂੰ ਅੰਮ੍ਰਿਤਸਰ ਵਿਚ ਆਪਣੇ ਮੁੱਖ ਦਫ਼ਤਰ ਦਾ ਉਦਘਾਟਨ ਕਰੇਗੀ।
ਅਕਾਲੀ ਦਲ (ਪੁਨਰ ਸੁਰਜੀਤ) ਲੜੇਗਾ ਜ਼ਿਲ੍ਹਾ ਪਰਿਸ਼ਦ ਚੋਣਾਂ

