#PUNJAB

ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼

-ਅਗਲੀ ਸੁਣਵਾਈ 2 ਮਈ ਨੂੰ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ ਅਦਾਲਤ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਪੁਲਿਸ ਵੱਲੋਂ ਅਜਨਾਲਾ ਪੁਲਿਸ ਥਾਣਾ ਹਿੰਸਾ ਮਾਮਲੇ ‘ਚ ਉਸ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਤੇ ਕਾਰਵਾਈ ਕਰਦੇ ਹੋਏ ਅਦਾਲਤ ਵੱਲੋਂ ਇਹ ਮਾਮਲਾ ਹੁਣ ਸੈਸ਼ਨ ਅਦਾਲਤ ਅੰਮ੍ਰਿਤਸਰ ਵਿਚ ਵਿਚਾਰਿਆ ਜਾਵੇਗਾ। ਜਿਸ ਤਹਿਤ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।
ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਥਾਣੇ ‘ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਿਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐੱਫ.ਆਈ.ਆਰ. ਨੰਬਰ 39 ‘ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ। ਉਸ ‘ਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਕਰਨ ਵਰਗੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਕਰੇਗੀ।