#PUNJAB

ਆਈ.ਪੀ.ਐੱਲ. ਦੀ ਤਰਜ਼ ‘ਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਸ਼ੁਰੂ ਕਰਨ ਦਾ ਫੈਸਲਾ

-ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਹੋਵੇਗਾ ਟੂਰਨਾਮੈਂਟ
ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐੱਲ.) ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਵਿਚ ਇਸ ਨਵੀਂ ਪਹਿਲਕਦਮੀ ਨੂੰ ਹਰੀ ਝੰਡੀ ਦਿੱਤੀ ਗਈ। ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੀ ਤਰਜ਼ ‘ਤੇ ਹੋਵੇਗੀ, ਜਿਸ ਨਾਲ ਪੰਜਾਬ ਦੇ ਕੋਨੇ-ਕੋਨੇ ਵਿਚੋਂ ਨਵੀਂ ਪ੍ਰਤਿਭਾ ਸਾਹਮਣੇ ਆਉਣ ਦੀ ਉਮੀਦ ਹੈ।
ਇਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਜ਼ਿਲ੍ਹਾ ਅਤੇ ਮਾਝਾ, ਦੋਆਬਾ ਅਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਬਣਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਨਾਲ-ਨਾਲ ਵਾਲੀਬਾਲ, ਫੁਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਤੇ ਰਾਜ ਪੱਧਰੀ ਲੀਗਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਸਰਕਾਰ ਅਜਿਹੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਦੀ ਮੁਹਿੰਮ ‘ਤੇ ਕੰਮ ਕਰ ਰਹੀ ਹੈ, ਜੋ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਦੇ ਸਮਰੱਥ ਹੋਣ। ਪੰਜਾਬੀ ਖਿਡਾਰੀਆਂ ਵਿਚ ਅਥਾਹ ਸਮਰੱਥਾ ਹੈ, ਬੱਸ ਉਨ੍ਹਾਂ ਨੂੰ ਸਹੀ ਮੰਚ ਅਤੇ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਵਿਚ ਆਪਣਾ ਬਣਦਾ ਯੋਗਦਾਨ ਪਾਉਣ।