-ਆਮ ਆਦਮੀ ਪਾਰਟੀ ਦੇ 10 ਵਿਚੋਂ 7 ਰਾਜ ਸਭਾ ਮੈਂਬਰ ਭਾਜਪਾ ਵਿਚ ਸ਼ਾਮਲ ਹੋਣ ਲਈ ਤਿਆਰ
ਚੰਡੀਗੜ੍ਹ, 24 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਦਿੱਗਜ਼ ਆਗੂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿਚ ਅਸ਼ੋਕ ਮਿੱਤਲ ਦੇ ਘਰ ਅਤੇ ਦਫ਼ਤਰਾਂ ‘ਤੇ ਈ.ਡੀ. ਨੇ ਕੁਝ ਦਿਨ ਪਹਿਲਾਂ ਛਾਪੇਮਾਰੀ ਕੀਤੀ ਸੀ। ਰਾਘਵ ਚੱਢਾ ਨੇ ਦਾਅਵਾ ਕਰਦਿਆਂ ਕਿਹਾ ਕਿ ‘ਆਪ’ ਦੇ ਦੋ ਤਿਹਾਈ ਸੰਸਦ ਮੈਂਬਰਾਂ ਨੇ ਪਾਰਟੀ ਛੱਡ ਦਿੱਤੀ ਹੈ।
ਇਸ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਘਵ ਚੱਢਾ ਤੇ ਸੰਦੀਪ ਪਾਠਕ ਪਾਰਟੀ ਦੀ ਰਣਨੀਤੀ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਦੇ ਇਸ ਕਦਮ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ, ਉੱਥੇ ਹੀ ਭਾਜਪਾ ਪੰਜਾਬ ਵਿਚ ਆਪਣੀ ਸਥਿਤੀ ਮਜ਼ਬੂਤ ਹੁੰਦੀ ਦੇਖ ਰਹੀ ਹੈ।
ਨਵੀਂ ਦਿੱਲੀ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਅੱਜ ਐਲਾਨ ਕੀਤਾ ਕਿ ‘ਆਪ’ ਦੇ ਪੰਜ ਹੋਰ ਸੰਸਦ ਮੈਂਬਰ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ‘ਆਪ’ ਦੇ ਕੁੱਲ 10 ਰਾਜ ਸਭਾ ਮੈਂਬਰਾਂ ਵਿਚੋਂ 7 ਮੈਂਬਰ ਹੁਣ ਭਾਜਪਾ ਵਿਚ ਰਲੇਵੇਂ ਲਈ ਤਿਆਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਵਿਧਾਨ ਮੁਤਾਬਕ ਜੇਕਰ ਕਿਸੇ ਪਾਰਟੀ ਦੇ ਦੋ-ਤਿਹਾਈ ਮੈਂਬਰ ਦੂਜੀ ਪਾਰਟੀ ਵਿਚ ਜਾਂਦੇ ਹਨ, ਤਾਂ ਇਹ ਕਾਨੂੰਨੀ ਤੌਰ ‘ਤੇ ਸਹੀ ਮੰਨਿਆ ਜਾਂਦਾ ਹੈ।
ਰਾਘਵ ਚੱਢਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਇੱਕ ਪੱਤਰ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਸੌਂਪ ਦਿੱਤਾ ਹੈ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਹੋਰ ਸੰਸਦ ਮੈਂਬਰਾਂ ਵਿਚ ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ ਅਤੇ ਅਸ਼ੋਕ ਮਿੱਤਲ ਦੇ ਨਾਮ ਸ਼ਾਮਲ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ।
ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਉਹ ਈ.ਡੀ. ਰਾਹੀਂ ਪਾਰਟੀ ਦੇ ਸੰਸਦ ਮੈਂਬਰਾਂ ਵਿਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਇਸ ਸਾਰੀ ਸਾਜ਼ਿਸ਼ ਪਿੱਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਘਵ ਚੱਢਾ ਨੂੰ ਪੰਜਾਬ ਵਿਚ ਪਾਰਟੀ ਨੂੰ ਕਮਜ਼ੋਰ ਕਰਨ ਦੇ ਬਦਲੇ ਕੇਂਦਰ ਵਿਚ ਮੰਤਰੀ ਦਾ ਅਹੁਦਾ ਦੇਣ ਦਾ ਲਾਲਚ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਸਾਜ਼ਿਸ਼ ਵਿਚ ਇੱਕ ਹਥਿਆਰ ਵਜੋਂ ਵਰਤਿਆ ਗਿਆ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਤਿੰਨ ਅਪ੍ਰੈਲ ਨੂੰ ਰਾਜ ਸਭਾ ਵਿਚ ਪਾਰਟੀ ਦੇ ਉਪ ਨੇਤਾ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾ ਦਿੱਤਾ ਸੀ।
ਕਿਸੇ ਸਮੇਂ ਕੇਜਰੀਵਾਲ ਦੇ ਬੇਹੱਦ ਭਰੋਸੇਮੰਦ ਰਹੇ ਰਾਘਵ ਚੱਢਾ ਨੇ ਪੰਜਾਬ ਅਤੇ ਦਿੱਲੀ ਵਿਚ ਪਾਰਟੀ ਲਈ ਅਹਿਮ ਭੂਮਿਕਾ ਨਿਭਾਈ ਸੀ। ਹਾਲਾਂਕਿ, ਮਾਰਚ 2024 ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਂ ਉਹ ਵਿਦੇਸ਼ ਵਿਚ ਸਨ ਅਤੇ ਰਿਹਾਈ ਤੋਂ ਕਾਫੀ ਸਮੇਂ ਬਾਅਦ ਹੀ ਉਨ੍ਹਾਂ ਨੂੰ ਮਿਲੇ। ਹਾਲ ਹੀ ਵਿਚ, ਜਦੋਂ ਅਦਾਲਤ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਰੀ ਕੀਤਾ, ਤਾਂ ਵੀ ਚੱਢਾ ਨੇ ਚੁੱਪ ਧਾਰੀ ਰੱਖੀ ਅਤੇ ਜੰਤਰ-ਮੰਤਰ ਦੀ ਰੈਲੀ ਵਿਚ ਵੀ ਸ਼ਾਮਲ ਨਹੀਂ ਹੋਏ ਸਨ।
‘ਆਪ’ ਦੇ ਦਿੱਗਜ ਆਗੂ ਭਾਜਪਾ ‘ਚ ਹੋਏ ਸ਼ਾਮਲ

