#PUNJAB

‘ਆਪ’ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ

ਪੁਲਿਸ ਨੇ ਖਣਨ ਮਾਮਲੇ ‘ਚ ਗ੍ਰਿਫ਼ਤਾਰੀ ਪਾਈ
ਪਟਿਆਲਾ, 22 ਅਪ੍ਰੈਲ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ਵਿਚ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਰੱਦ ਕਰ ਦਿੱਤੀ ਹੈ। ਵਿਧਾਇਕ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਪੇਸ਼ ਕੀਤਾ ਗਿਆ ਸੀ। ਹੁਣ ਉਹ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕਰ ਸਕਦੇ ਹਨ। ਵਿਧਾਇਕ ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿਚ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।
ਇਸ ਦੌਰਾਨ ਪੁਲਿਸ ਨੇ ਥਾਣਾ ਜੁਲਕਾਂ ਵਿਚ ਪਿਛਲੇ ਸਾਲ 5 ਸਤੰਬਰ ਨੂੰ ਖਣਨ ਕਾਨੂੰਨ ਤਹਿਤ ਦਰਜ ਕੇਸ ਵਿਚ ਵੀ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਪਾ ਲਈ ਹੈ। ਐੱਸ.ਪੀ.ਡੀ. ਗੁਰਬੰਸ ਬੈਂਸ ਨੇ ਇਸ ਮਾਮਲੇ ਵਿਚ ਅਧਿਕਾਰਤ ਤੌਰ ‘ਤੇ ਗ੍ਰਿਫ਼ਤਾਰੀ ਪਾਉਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਕੇਸ ‘ਚ ਰਿਮਾਂਡ ਬਾਅਦ ਵਿਚ ਲਿਆ ਜਾਵੇਗਾ।
ਵਿਧਾਇਕ ਹਰਮੀਤ ਪਠਾਣਮਾਜਰਾ ਦੇ ਵਕੀਲਾਂ ਬੀ.ਐੱਸ. ਭੁੱਲਰ ਅਤੇ ਐੱਸ.ਐੱਸ. ਸੱਗੂ ਨੇ ਅਦਾਲਤ ਨੂੰ ਦੱਸਿਆ ਕਿ ਵਿਧਾਇਕ ਖ਼ਿਲਾਫ਼ ਪਟਿਆਲਾ ਵਿਚ ਦੋ ਕੇਸ ਦਰਜ ਹਨ, ਪਰ ਉਨ੍ਹਾਂ ਨੂੰ ਬਠਿੰਡਾ ਜੇਲ੍ਹ ‘ਚ ਰੱਖਿਆ ਹੋਇਆ ਹੈ। ਇਸ ਮਗਰੋਂ ਅਦਾਲਤ ਨੇ ਵਿਧਾਇਕ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ। ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਐਂਟਰੀ ਪਾਉਣ ਮਗਰੋਂ ਉਨ੍ਹਾਂ ਨੂੰ ਮੁੜ ਬਠਿੰਡਾ ਜੇਲ੍ਹ ‘ਚ ਭੇਜ ਦਿੱਤਾ। ਜੇਲ੍ਹ ਅਧਿਕਾਰੀਆਂ ਨੇ ਵਿਧਾਇਕ ਦੀ ਜੇਲ੍ਹ ਤਬਦੀਲੀ ਦੀ ਪੁਸ਼ਟੀ ਕੀਤੀ ਹੈ। ਵਕੀਲ ਐੱਸ.ਐੱਸ. ਸੱਗੂ ਨੇ ਦੱਸਿਆ ਕਿ ਅਦਾਲਤ ਨੇ ਜੇਲ੍ਹ ਤਬਦੀਲੀ ਦਾ ਨੋਟਿਸ ਲੈਂਦਿਆਂ ਜੇਲ੍ਹ ਪ੍ਰਸ਼ਾਸਨ ਤੋਂ 22 ਅਪ੍ਰੈਲ ਤੱਕ ਜਵਾਬ ਮੰਗਿਆ ਹੈ।