ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ)- ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈ.ਡੀ. ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈ.ਡੀ. ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਦੋਸ਼ ਲਾਇਆ ਕਿ ਕੇਜਰੀਵਾਲ ਆਬਕਾਰੀ ਘੁਟਾਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।