#PUNJAB

ਕਾਲਜਾਂ ਦੀ ਖ਼ੁਦਮੁਖ਼ਤਾਰੀ ਦਾ ਫ਼ੈਸਲਾ ਰੱਦ ਕਰਨ ਬਾਰੇ ਪੱਤਰ ਜਾਰੀ

ਚੰਡੀਗੜ੍ਹ, 24 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਚਾਈ ਕਰਨ ਮਗਰੋਂ ਉਚੇਰੀ ਸਿੱਖਿਆ ਵਿਭਾਗ ਨੇ ਅੱਠ ਵਿਰਾਸਤੀ ਕਾਲਜਾਂ ਨੂੰ ਖ਼ੁਦਮੁਖ਼ਤਾਰ ਬਣਾਏ ਜਾਣ ਦਾ ਫ਼ੈਸਲਾ ਲਿਖਤੀ ਰੂਪ ‘ਚ ਵਾਪਸ ਲੈ ਲਿਆ ਹੈ।
ਮੁੱਖ ਮੰਤਰੀ ਨੇ ਅੱਜ ਉਚੇਰੀ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਭਾਗ ਦੇ ਸਕੱਤਰ ਕੇਕੇ ਯਾਦਵ ਨੂੰ ਤਲਬ ਕੀਤਾ ਅਤੇ ਉਨ੍ਹਾਂ ਦੀ ਇਸ ਮਾਮਲੇ ‘ਤੇ ਖਿਚਾਈ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇੱਕ ਦਫ਼ਾ ਤਾਂ ਉਚੇਰੀ ਸਿੱਖਿਆ ਵਿਭਾਗ ਕੋਈ ਪੱਤਰ ਜਾਰੀ ਕੀਤੇ ਜਾਣ ਤੋਂ ਮੁੱਕਰ ਹੀ ਗਿਆ ਸੀ। ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ, ਜਿਸ ਮਗਰੋਂ ਉਚੇਰੀ ਸਿੱਖਿਆ ਵਿਭਾਗ ਨੇ ਅੱਜ ਪੰਜਾਬ ਦੇ ਅੱਠ ਕਾਲਜਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ 22 ਜੁਲਾਈ ਨੂੰ ਜਾਰੀ ਕੀਤਾ ਪੱਤਰ ਤੁਰੰਤ ਪ੍ਰਭਾਵ ਤੋਂ ਵਾਪਸ ਲਿਆ ਜਾਂਦਾ ਹੈ ਅਤੇ ਇਸ ‘ਤੇ ਕੋਈ ਕਾਰਵਾਈ ਨਾ ਕੀਤੀ ਜਾਵੇ।
ਦੱਸਣਯੋਗ ਹੈ ਕਿ ਨਵੀਂ ਸਿੱਖਿਆ ਨੀਤੀ ਤਹਿਤ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਨੇ 3 ਅਪ੍ਰੈਲ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਤਹਿਤ ਹਰ ਸੂਬੇ ‘ਚ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਬਣਾਇਆ ਜਾਣਾ ਹੈ। ਇਸੇ ਦੌਰਾਨ ਉਚੇਰੀ ਸਿੱਖਿਆ ਵਿਭਾਗ ਵੱਲੋਂ ਵਿਰਾਸਤੀ ਕਾਲਜਾਂ ਨੂੰ ਖ਼ੁਦਮੁਖ਼ਤਾਰ ਬਣਾਏ ਜਾਣ ਬਾਰੇ ਲਏ ਫ਼ੈਸਲੇ ਦੀ ਮੁੱਖ ਮੰਤਰੀ ਦਫ਼ਤਰ ਛਾਣਬੀਣ ਕਰਨ ਲੱਗਿਆ ਹੈ। ਉਚੇਰੀ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਨੂੰ ਇਸ ਫ਼ੈਸਲੇ ਬਾਰੇ ਓਹਲੇ ਵਿਚ ਰੱਖਿਆ ਤੇ ਇਸ ਫ਼ੈਸਲੇ ਦੀ ਭਿਣਕ ਮੁੱਖ ਸਕੱਤਰ ਤੱਕ ਨੂੰ ਵੀ ਨਹੀਂ ਪੈਣ ਦਿੱਤੀ ਗਈ। ਮੁੱਖ ਮੰਤਰੀ ਇਸ ਫ਼ੈਸਲੇ ਨੂੰ ਇਸ ਕਰਕੇ ਵੀ ਸੰਜੀਦਗੀ ਨਾਲ ਲੈ ਰਹੇ ਹਨ ਕਿ ਕਾਲਜਾਂ ਨੂੰ 22 ਜੁਲਾਈ ਨੂੰ ਜਾਰੀ ਹੋਇਆ ਪੱਤਰ ਡਿਪਟੀ ਡਾਇਰੈਕਟਰ ਅਸ਼ਵਨੀ ਕੁਮਾਰ ਵੱਲੋਂ ਜਾਰੀ ਕੀਤਾ ਗਿਆ ਸੀ, ਜਿਹੜੇ ਵਿਭਾਗੀ ਉੱਚ ਅਫ਼ਸਰਾਂ ਨਾਲ ਘਿਓ-ਖਿਚੜੀ ਸਨ।