#PUNJAB

ਕੇਂਦਰ ਵੱਲੋਂ ਸੰਧਵਾਂ ਨੂੰ ਅਮਰੀਕਾ ਦੌਰੇ ਲਈ ਪ੍ਰਵਾਨਗੀ ਤੋਂ ਇਨਕਾਰ

ਚੰਡੀਗੜ੍ਹ, 4 ਅਗਸਤ (ਪੰਜਾਬ ਮੇਲ)- ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲੰਪਿਕ ’ਚ ਜਾਣ ਦੀ ਪ੍ਰਵਾਨਗੀ ਨਾ ਦਿੱਤੇ ਜਾਣ ਮਗਰੋਂ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਵੱਲੋਂ ‘ਨੈਸ਼ਨਲ ਲੈਜਿਸਲੇਚਰ ਕਾਨਫਰੰਸ’ ਸੱਦੀ ਗਈ ਹੈ, ਜਿਸ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸਪੀਕਰਾਂ ਸਣੇ ਦੁਨੀਆ ਭਰ ਤੋਂ ਲਗਪਗ ਤਿੰਨ ਹਜ਼ਾਰ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਅਮਰੀਕਾ ਵਿੱਚ ਨੈਸ਼ਨਲ ਲੈਜਿਸਲੇਚਰ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਜਾਣਾ ਸੀ, ਜਿਨ੍ਹਾਂ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇੰਨਾ ਹੀ ਨਹੀਂ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਕਰਨਾਟਕ ਤੇ ਕੇਰਲ ਦੇ ਸਪੀਕਰਾਂ ਨੂੰ ਵੀ ਇਸ ਲਈ ਪ੍ਰਵਾਨਗੀ ਨਹੀਂ ਦਿੱਤੀ ਹੈ।