#INDIA

ਕੇਰਲ ਵਿਧਾਨ ਸਭਾ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ

ਤਿਰੂਵਨੰਤਪੁਰਮ, 14 ਅਕਤੂਬਰ (ਪੰਜਾਬ ਮੇਲ)- ਦੇਸ਼ ਭਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐੱਸ.ਆਈ.ਆਰ.) ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕੇਰਲ ਵਿਧਾਨ ਸਭਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਕਦਮ ਨੂੰ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਵਧ ਰਹੇ ਸਿਆਸੀ ਟਕਰਾਅ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸੇ ਭਾਰਤੀ ਵਿਧਾਨ ਸਭਾ ਵਿਚ ਇਸ ਤਰ੍ਹਾਂ ਦਾ ਇਹ ਪਹਿਲਾ ਮਤਾ ਹੈ।
ਇਹ ਮਤਾ ਮੁੱਖ ਮੰਤਰੀ ਵੀ.ਡੀ. ਸਤੀਸਨ ਵੱਲੋਂ ਸਦਨ ਵਿਚ ਪੇਸ਼ ਕੀਤਾ ਗਿਆ। ਮਤੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੌਰਾਨ ਯੋਗ ਵੋਟਰਾਂ ਦੇ ਨਾਂ ਕਥਿਤ ਤੌਰ ‘ਤੇ ਕੱਟੇ ਜਾਣ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਪ੍ਰਗਟਾਈਆਂ ਗਈਆਂ। ਮਤੇ ਰਾਹੀਂ ਮੰਗ ਕੀਤੀ ਗਈ ਕਿ ਵੋਟਰ ਸੂਚੀਆਂ ਵਿਚ ਕਥਿਤ ਬੇਨਿਯਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਗਲਤ ਤਰੀਕੇ ਨਾਲ ਹਟਾਏ ਗਏ ਯੋਗ ਵੋਟਰਾਂ ਦੇ ਨਾਂ ਮੁੜ ਸ਼ਾਮਲ ਕਰਕੇ ਉਨ੍ਹਾਂ ਦੇ ਵੋਟ ਦੇ ਅਧਿਕਾਰ ਨੂੰ ਬਹਾਲ ਕੀਤਾ ਜਾਵੇ।
ਕੇਰਲ ਸਰਕਾਰ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਣਾਈ ਜਾਣ ਵਾਲੀ ਚੋਣ ਕਮੇਟੀ ਦੀ ਬਣਤਰ ਵਿਚ ਤਬਦੀਲੀ ਕਰਨ ਦੀ ਵੀ ਮੰਗ ਕੀਤੀ ਹੈ। ਇਸ ਸਬੰਧੀ ਸੁਝਾਅ ਦਿੱਤਾ ਗਿਆ ਹੈ ਕਿ ਕਮੇਟੀ ਵਿਚ ਪ੍ਰਧਾਨ ਮੰਤਰੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਲ ਕੀਤਾ ਜਾਵੇ।
ਸਰਕਾਰ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਵਿਵਸਥਾ ਨਾਲ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਉੱਠ ਰਹੇ ਸਵਾਲਾਂ ਦਰਮਿਆਨ ਇਹ ਮਤਾ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਯੋਗ ਵੋਟਰਾਂ ਦੇ ਅਧਿਕਾਰਾਂ ਦੀ ਸੁਰੱਖਿਆ ਬਾਰੇ ਚਰਚਾ ਨੂੰ ਹੋਰ ਤੇਜ਼ ਕਰ ਸਕਦਾ ਹੈ।