#CANADA

ਕੈਨੇਡਾ ‘ਚ 1.3 ਲੱਖ ਭਾਰਤੀ ਵਿਦਿਆਰਥੀਆਂ ‘ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

ਬਰੈਂਪਟਨ, 22 ਅਕਤੂਬਰ (ਪੰਜਾਬ ਮੇਲ)- ਕੈਨੇਡਾ ਵਿਚ 1.3 ਲੱਖ ਭਾਰਤੀ ਵਿਦਿਆਰਥੀਆਂ ਦੇ ਪਰਮਿਟ 31ਦਸੰਬਰ ਨੂੰ ਖ਼ਤਮ ਹੋਣ ਵਾਲੇ ਹਨ। ਇਸ ਸਥਿਤੀ ਦੇ ਖਿਲਾਫ ਬਰੈਂਪਟਨ ਵਿਚ ਵਿਦਿਆਰਥੀ ਪ੍ਰਦਰਸ਼ਨ ਕਰਕੇ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ.) ਦੇ ਵਿਸਥਾਰ ਦੀ ਮੰਗ ਕਰ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਉਹ ਦੇਸ਼ ਨਿਕਾਲੇ ਦੇ ਡਰੋਂ 29 ਅਗਸਤ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਯੂ.ਪੀ.) ਦੇ ਵਿਸਥਾਰ, ਸਥਾਈ ਨਿਵਾਸ ਲਈ ਉਚਿਤ ਨੀਤੀ ਅਤੇ ਸ਼ੋਸ਼ਣ ਵਿਰੁੱਧ ਆਪਣੀਆਂ ਮੰਗਾਂ ਰੱਖ ਰਹੇ ਹਨ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਯੰਗ ਸਟੂਡੈਂਟ ਨੈੱਟਵਰਕ (ਐੱਨ.ਐੱਸ.ਐੱਨ.) ਦੇ ਬਿਕਰਮ ਸਿੰਘ ਕੁੱਲੇਵਾਲ ਕਰ ਰਹੇ ਹਨ ਅਤੇ ਇਸ ਨੂੰ ਮਾਂਟਰੀਅਲ ਯੂਥ ਸਟੂਡੈਂਟਸ ਆਰਗੇਨਾਈਜ਼ੇਸ਼ਨ (ਐੱਮ.ਵਾਈ.ਐੱਸ.ਓ.) ਦਾ ਵੀ ਸਮਰਥਨ ਮਿਲ ਰਿਹਾ ਹੈ।
ਐੱਮ.ਵਾਈ.ਐੱਸ.ਓ. ਦੇ ਕਨਵੀਨਰ ਮਨਦੀਪ ਨੇ ਕਿਹਾ ਕਿ ਲਗਭਗ 1.3 ਲੱਖ ਵਿਦਿਆਰਥੀ ਖ਼ਤਰੇ ਵਿਚ ਹਨ, ਕਿਉਂਕਿ ਉਨ੍ਹਾਂ ਦੇ ਵਰਕ ਪਰਮਿਟ ਦੀ ਮਿਆਦ 31 ਦਸੰਬਰ ਨੂੰ ਖਤਮ ਹੋ ਜਾਵੇਗੀ। ਉਹ ਕੈਨੇਡਾ ਵਿਚ ਰਹਿਣ ਲਈ ਵਰਕ ਪਰਮਿਟ ਦੀ ਮਿਆਦ ਵਧਾਉਣ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਪਿਛਲੇ ਇਕ ਸਾਲ ਦੌਰਾਨ, ਭਾਰਤ ਅਤੇ ਕੈਨੇਡਾ ਦੇ ਤਣਾਅਪੂਰਨ ਸਬੰਧਾਂ ਨੇ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਵਿਚ ਬੇਲੋੜਾ ਡਰ ਪੈਦਾ ਕੀਤਾ ਹੈ।
ਐੱਮ.ਵਾਈ.ਐੱਸ.ਓ. ਦੇ ਵਰੁਣ ਖੰਨਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿਚ ਨੌਜਵਾਨ ਵਿਦਿਆਰਥੀ ਸਥਾਈ ਨਿਵਾਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਭਾਰਤ ਸਰਕਾਰ ਦਾ ਕੋਈ ਅਧਿਕਾਰੀ ਅਤੇ ਨਾ ਹੀ ਕੈਨੇਡੀਅਨ ਸਰਕਾਰ ਦਾ ਕੋਈ ਨੁਮਾਇੰਦਾ ਇਨ੍ਹਾਂ ਸੰਘਰਸ਼ਸ਼ੀਲ ਵਿਦਿਆਰਥੀਆਂ ਪ੍ਰਤੀ ਕੋਈ ਚਿੰਤਾ ਦਿਖਾ ਰਿਹਾ ਹੈ। ਇਸ ਦੀ ਬਜਾਏ, ਦੋਵਾਂ ਦੇਸ਼ਾਂ ਦੇ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਸਿਆਸਤ ਖੇਡ ਰਹੇ ਹਨ।