#PUNJAB

ਖੁਦਕੁਸ਼ੀ ਮਾਮਲਾ : ਅਦਾਲਤ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਦਿੱਤਾ ਰਿਮਾਂਡ

-ਪੋਸਟਮਾਰਟਮ ਮਗਰੋਂ ਮ੍ਰਿਤਕ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦਾ ਸਸਕਾਰ
ਅੰਮ੍ਰਿਤਸਰ, 25 ਮਾਰਚ (ਪੰਜਾਬ ਮੇਲ)- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਉਸ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਵੇਰਵਿਆਂ ਮੁਤਾਬਕ ਪੁਲਿਸ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਇੱਥੇ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ, ਜਿੱਥੇ ਮਾਮਲੇ ਸਬੰਧੀ ਪੁੱਛ-ਪੜਤਾਲ ਲਈ ਉਸ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ। ਅਦਾਲਤ ਵੱਲੋਂ ਦੋਵਾਂ ਧਿਰਾਂ ਦੇ ਵਕੀਲਾਂ ਦਾ ਪੱਖ ਸੁਣਨ ਤੋਂ ਬਾਅਦ 5 ਦਿਨ ਦਾ ਰਿਮਾਂਡ ਦਿੱਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਮੀਡੀਆ ਨੂੰ ਵੀ ਦੂਰ ਰੱਖਣ ਦਾ ਯਤਨ ਕੀਤਾ ਗਿਆ। ਭੁੱਲਰ ਦੇ ਹਮਾਇਤੀ ਵੀ ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ, ਜਿਨ੍ਹਾਂ ਉਸ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਰਿਮਾਂਡ ਮੰਗਣ ਸਮੇਂ ਵੱਖ-ਵੱਖ ਸਬੂਤਾਂ ਦੀ ਬਰਾਮਦਗੀ ਦੀ ਦਲੀਲ ਦਿੱਤੀ ਗਈ। ਇਸ ਤੋਂ ਪਹਿਲਾਂ ਪਰਿਵਾਰ ਦੀ ਸਹਿਮਤੀ ਨਾਲ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਵੀ ਕਰਵਾਈ ਗਈ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਘਰ ਲਿਆਂਦਾ ਗਿਆ ਤੇ ਸ਼ਾਮ ਵੇਲੇ ਮ੍ਰਿਤਕ ਦੇਹ ਦਾ ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿਚ ਸਸਕਾਰ ਕੀਤਾ ਗਿਆ। ਉਸ ਦੇ ਬੇਟੇ ਨੇ ਮ੍ਰਿਤਕ ਦੇਹ ਨੂੰ ਅਗਨੀ ਦਿਖਾਈ।
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ‘ਆਪ’ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪਰਿਵਾਰ ਨੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ।