#PUNJAB

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 12 ‘ਆਪ’ ਵਿਧਾਇਕਾਂ ਸਮੇਤ 15 ਆਗੂ 15 ਅਕਤੂਬਰ ਨੂੰ ਤਲਬ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਮ ਆਦਮੀ ਪਾਰਟੀ ਦੇ 12 ਵਿਧਾਇਕਾਂ ਸਮੇਤ 15 ਆਗੂਆਂ ਨੂੰ 15 ਅਕਤੂਬਰ ਨੂੰ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਹ ਮਾਮਲਾ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਕੱਤਰੇਤ ਵਿਚ ਦਾਖ਼ਲ ਹੋਣ ਤੋਂ ਰੋਕੇ ਜਾਣ ਅਤੇ ਇਸ ਸਬੰਧੀ ਲਾਏ ਦੋਸ਼ਾਂ ਨਾਲ ਜੁੜਿਆ ਹੈ।
ਅੱਜ ‘ਆਪ’ ਵਿਧਾਇਕਾਂ ਦਾ ਵਫ਼ਦ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚਿਆ। ਵਫ਼ਦ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਪੁਲਿਸ ਮੁਲਾਜ਼ਮਾਂ ਦੇ ਜੁੱਤੀਆਂ ਪਾ ਕੇ ਅਤੇ ਸਿਰ ਢੱਕੇ ਬਿਨਾਂ ਦਾਖ਼ਲ ਹੋਣ ਦੇ ਦੋਸ਼ਾਂ ਬਾਰੇ ਮੰਗ ਪੱਤਰ ਦਿੱਤਾ। ਆਗੂਆਂ ਨੇ ਮੰਗ ਕੀਤੀ ਕਿ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਵੀ ਕੀਤੀ।
ਇਸੇ ਦੌਰਾਨ ਗਿਆਸਪੁਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਰਾਖਵੀਂ ਜਾਤ ਨਾਲ ਸਬੰਧਤ ਹੋਣ ਕਾਰਨ ਸਕੱਤਰੇਤ ਅੰਦਰ ਜਾਣ ਤੋਂ ਰੋਕਿਆ ਗਿਆ। ਸਕੱਤਰੇਤ ਦੇ ਨੁਮਾਇੰਦੇ ਜਸਕਰਨ ਸਿੰਘ ਨੇ ਇਸ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਰੋਕ ਦਾ ਜਾਤ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਗਿਆਸਪੁਰਾ ਵੱਲੋਂ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਫ਼ਦ ਦੇ ਹੋਰ ਆਗੂਆਂ ਦੀ ਗੱਲ ਸੁਣੀ ਗਈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ।
ਹੁਣ ਤਲਬ ਕੀਤੇ ਆਗੂਆਂ ਨੂੰ 15 ਅਕਤੂਬਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਦੋਵੇਂ ਪੱਖਾਂ ਦੇ ਦਾਅਵੇ ਵੱਖਰੇ ਹਨ ਅਤੇ ਮਾਮਲੇ ‘ਤੇ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਵਾਈ ਤੋਂ ਬਾਅਦ ਕੀਤਾ ਜਾਵੇਗਾ।