ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਮਨੁੱਖੀ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਟਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਵਿੱਚ ਸਿਆਮ ਰੀਪ ਪਹੁੰਚਣ ’ਤੇ, ਉਹਨਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਹਨ ਅਤੇ ਫਿਰ ਉਹਨਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ ਤਾਂ ਜੋ ਸਾਈਬਰ ਫਾਈਨਾਂਸ਼ੀਅਲ ਫਰਾਡ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਐਫਆਈਆਰ ਦਰਜ ਕਰਕੇ ਇਸ ਕੇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈਪੀਸੀ ਦੀ ਧਾਰਾ 370,406,420 ਅਤੇ 120-ਬੀ ਅਤੇ ਇਮੀਗਰੇਸ਼ਨ ਐਕਟ ਦੀ ਧਾਰਾ 24 ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ।