ਚੰਡੀਗੜ੍ਹ, 2 ਜੂਨ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਅੱਜ ਚੰਡੀਗੜ੍ਹ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਸ ਨੂੰ ਦੋ-ਦੋ ਲੱਖ ਰੁਪਏ ਦੀਆਂ ਜ਼ਮਾਨਤਾਂ ਭਰਨ ਲਈ ਕਿਹਾ। ਐਡਵੋਕੇਟ ਜਸਪਾਲ ਸਿੰਘ ਮੰਜਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਦੋਸ਼ੀ ਲਈ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਉਮਰ ਕੈਦ ਪੂਰੀ ਕਰ ਚੁੱਕੇ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਰੈਗੂਲਰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀ ਪੱਕੀ ਰਿਹਾਈ ਦਾ ਮਾਮਲਾ ਸਮਰਥ ਅਧਿਕਾਰੀਆਂ ਕੋਲ ਫ਼ੈਸਲੇ ਦੀ ਉਡੀਕ ‘ਚ ਹੋਵੇ। ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ਼ ਲੱਖਾ ਮਈ ਵਿਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ ਜ਼ਮਾਨਤ ‘ਤੇ ਰਿਹਾਅ ਹੋਇਆ ਸੀ। ਗੁਰਮੀਤ 27 ਸਾਲਾਂ ਤੋਂ ਸਲਾਖਾਂ ਪਿੱਛੇ ਹੈ। ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਗੁਰਮੀਤ ਨੇ ਇਸ ਆਧਾਰ ‘ਤੇ ਰਿਹਾਈ ਦੀ ਮੰਗ ਕੀਤੀ ਕਿ ਉਹ ਜੇਲ੍ਹ ਵਿਚ 27 ਸਾਲ ਪੂਰੇ ਕਰ ਚੁੱਕਾ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਕਈ ਹੋਰ ਉਮਰ ਕੈਦ ਦੇ ਦੋਸ਼ੀਆਂ ਨੂੰ 14 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਰਿਹਾਅ ਕੀਤਾ ਗਿਆ ਸੀ।