#PUNJAB

ਜਥੇਦਾਰ ਕਾਉਂਕੇ ਕਤਲ ਮਾਮਲਾ; ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਬੰਧਤ ਤਤਕਾਲੀ Police ਅਧਿਕਾਰੀਆਂ ਨੂੰ Notice ਜਾਰੀ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਬੰਧਤ ਤਤਕਾਲੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਅਪ੍ਰੈਲ, 2024 ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਮਾਨਯੋਗ ਉੱਚ ਅਦਾਲਤ ਵਿਚ ਜਥੇਦਾਰ ਕਾਉਂਕੇ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਪਟੀਸ਼ਨ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਰਾਹੀਂ ਦਾਇਰ ਕੀਤੀ ਗਈ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਵਿੰਗ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਸਾਬਕਾ ਆਈ.ਪੀ.ਐੱਸ. ਬੀ.ਪੀ. ਤਿਵਾੜੀ ਦੀ ਰਿਪੋਰਟ ਸਾਹਮਣੇ ਆਉਣ ਮਗਰੋਂ ਮਾਨਯੋਗ ਉੱਚ ਅਦਾਲਤ ਵਿਚ ਪਾਈ ਪਟੀਸ਼ਨ ‘ਤੇ ਅਹਿਮ ਸੁਣਵਾਈ ਹੋਈ ਹੈ, ਜਿਸ ਤਹਿਤ ਪੰਜਾਬ ਸਰਕਾਰ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਤਤਕਾਲੀ ਪੁਲਿਸ ਅਫ਼ਸਰਾਂ ਵੱਲੋਂ ਮਾਨਯੋਗ ਉੱਚ ਅਦਾਲਤ ਅੰਦਰ ਉਸ ਸਮੇਂ ਗਲਤ ਹਲਫਨਾਮੇ ਦਾਇਰ ਕਰਕੇ ਇਹ ਕਿਹਾ ਗਿਆ ਸੀ ਕਿ ਜਥੇਦਾਰ ਕਾਉਂਕੇ ਪੁਲਿਸ ਹਿਰਾਸਤ ਵਿਚ ਨਹੀਂ ਹਨ। ਇਸ ਨੂੰ ਚੁਣੌਤੀ ਦਿੰਦਿਆਂ ਜਥੇਦਾਰ ਕਾਉਂਕੇ ਦੇ ਪਰਿਵਾਰ ਰਾਹੀਂ ਪਾਈ ਪਟੀਸ਼ਨ ‘ਤੇ ਉੱਚ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਸ਼ੁਰੂ ਕਰਦਿਆਂ ਨੋਟਿਸ ਜਾਰੀ ਕੀਤੇ ਹਨ।