#PUNJAB

ਜਥੇਦਾਰ ਝੀਂਡਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਸੰਬੰਧੀ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਮੇਲ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵੱਲੋਂ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਬਣਾਉਣ ਸਬੰਧੀ ਇੱਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਗਿਆ।
ਇਸ ਮੌਕੇ ਜਥੇਦਾਰ ਝੀਂਡਾ ਨੇ ਕਿਹਾ ਕਿ ਦੇਸ਼ ਭਰ ਦੇ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਅਤੇ ਇਕਸਾਰ ਪ੍ਰਬੰਧ ਲਈ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਦਾ ਬਣਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਬਣਨ ਨਾਲ ਦੇਸ਼ ਭਰ ਦੀ ਸਿੱਖ ਕੌਮ ਨੂੰ ਇੱਕ ਸਾਂਝੀ ਪ੍ਰਬੰਧਕੀ ਵਿਵਸਥਾ ਨਾਲ ਜੋੜਨ ਵਿਚ ਮਦਦ ਮਿਲੇਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸਿੱਖ ਸੰਸਥਾਵਾਂ ਅਤੇ ਸੰਗਤਾਂ ਵਿਚ ਹੋਰ ਵਧੇਰੇ ਇਕਜੁੱਟਤਾ ਪੈਦਾ ਹੋਵੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖਾਂ ਨਾਲ ਸਬੰਧਤ ਗੁਰਦੁਆਰਾ ਪ੍ਰਬੰਧ ਅਤੇ ਧਾਰਮਿਕ ਮਾਮਲਿਆਂ ਨੂੰ ਲੈ ਕੇ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਸਾਂਝੀ ਅਤੇ ਪ੍ਰਭਾਵਸ਼ਾਲੀ ਵਿਵਸਥਾ ਜ਼ਰੂਰੀ ਹੈ। ਜਥੇਦਾਰ ਝੀਂਡਾ ਮੁਤਾਬਕ ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਸਿੱਖ ਸੰਸਥਾਵਾਂ ਦੀ ਇਕਸਾਰਤਾ, ਗੁਰਦੁਆਰਾ ਪ੍ਰਬੰਧ ਦੀ ਮਜ਼ਬੂਤੀ ਅਤੇ ਸਿੱਖ ਕੌਮ ਦੇ ਧਾਰਮਿਕ ਹਿੱਤਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਸਾਬਤ ਹੋ ਸਕਦਾ ਹੈ।
ਜਥੇਦਾਰ ਝੀਂਡਾ ਨੇ ਕਿਹਾ ਕਿ ਇਸ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਸਿੱਖ ਕੌਮ ਦੀ ਸਾਂਝੀ ਮੰਗ ਵਜੋਂ ਅੱਗੇ ਲਿਜਾਣ ਦੀ ਲੋੜ ਹੈ, ਤਾਂ ਜੋ ਦੇਸ਼ ਭਰ ਦੇ ਸਿੱਖ ਇੱਕ ਮਜ਼ਬੂਤ ਅਤੇ ਸਾਂਝੀ ਪ੍ਰਬੰਧਕੀ ਵਿਵਸਥਾ ਨਾਲ ਜੁੜ ਸਕਣ।
ਦੱਸਣਯੋਗ ਹੈ ਕਿ ਇਸ ਮਾਮਲੇ ਨੂੰ ਪ੍ਰਚਾਰਨ ਵਾਸਤੇ ਜਥੇਦਾਰ ਝੀਂਡਾ ਵੱਲੋਂ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹ ਇਸ ਮੰਗ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ‘ਤੇ ਮੰਗ ਪੱਤਰ ਸੌਂਪ ਰਹੇ ਹਨ।