#AMERICA

ਜੇ ਮੈਂ ਜਿੱਤ ਗਿਆ ਤਾਂ ਸਾਰੇ ਭ੍ਰਿਸ਼ਟ ਲੋਕਾਂ ਨੂੰ ਜੇਲ੍ਹ ਭੇਜਾਂਗਾ:  ਟਰੰਪ

ਨਿਊਯਾਰਕ, 10 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਇਸ ਸਾਲ 5 ਨਵੰਬਰ ਨੂੰ ਚੋਣਾਂ ਹੋਣੀਆਂ ਹਨ। ਟਰੰਪ ਨੇ ਆਪਣੇ ‘ਐਕਸ’ ਦੇ ਪਲੇਟਫਾਰਮ ‘ਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਹਿਮ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਚੋਣਾਂ ਦੌਰਾਨ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ‘ਕਿਰਪਾ ਕਰਕੇ ਸਾਵਧਾਨ ਰਹੋ, ਜੇਕਰ ਮੈਂ ਇਹ ਚੋਣ ਜਿੱਤਦਾ ਹਾਂ, ਤਾਂ ਰਾਸ਼ਟਰਪਤੀ ਚੋਣ ਦੌਰਾਨ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਕਰਨ ਵਾਲਿਆਂ ਨੂੰ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਉਨ੍ਹਾਂ ਨੂੰ ਪੂਰੀ ਕਾਨੂੰਨੀ ਜਾਂਚ ਦਾ ਸਾਹਮਣਾ ਕਰਨਾ ਪਵੇਗਾ’। ਇਸ ਤੋਂ ਇਲਾਵਾ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾਵਾਂ ਲਾਗੂ ਕੀਤੀਆਂ ਜਾਣਗੀਆਂ। ਜਿਨ੍ਹਾਂ ਵਿਚ ਵਕੀਲਾਂ, ਸਿਆਸਤਦਾਨਾਂ, ਦਾਨੀਆਂ, ਗੈਰ ਕਾਨੂੰਨੀ ਵੋਟਰਾਂ, ਚੋਣ ਅਧਿਕਾਰੀਆਂ ‘ਤੇ ਲਾਗੂ ਹੁੰਦਾ ਹੈ। ਟਰੰਪ ਨੇ ਕਿਹਾ, ”ਅਸੀਂ ਗੈਰ-ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਲੱਭਾਂਗੇ ਅਤੇ ਉਨ੍ਹਾਂ ਨੂੰ ਸਜ਼ਾ ਦੇਵਾਂਗੇ”। ਉਨ੍ਹਾਂ ਨੇ ਇਹ ਟਿੱਪਣੀਆਂ ਵੋਟਾਂ ਦੌਰਾਨ ਭ੍ਰਿਸ਼ਟਾਚਾਰ ਨੂੰ ਹੋਣ ਤੋਂ ਰੋਕਣ ਲਈ ਕੀਤੀਆਂ ਸਨ।