ਟਰੇਸੀ, 23 ਫਰਵਰੀ (ਪੰਜਾਬ ਮੇਲ)- ਅਮਰੀਕਾ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੈਲੀਫੋਰਨੀਆ ਦੇ ਟ੍ਰੇਸੀ ਇਲਾਕੇ ‘ਚ ਸਥਿਤ ਗੁਰੂਘਰ ਨੇੜਿਓਂ ਬੀਤੇ ਦਿਨੀਂ ਅਗਵਾ ਕੀਤੇ ਗਏ ਇਕ 57 ਸਾਲਾ ਸਿੱਖ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਨਸਨੀਖੇਜ਼ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਉਸ ਦੀ ਲਾਸ਼ ਇੱਕ ਸੁੰਨਸਾਨ ਇਲਾਕੇ ਵਿਚੋਂ ਬਰਾਮਦ ਹੋਈ ਹੈ। ਇਸ ਘਟਨਾ ਨੇ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ‘ਤੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
57 ਸਾਲਾ ਅਵਤਾਰ ਸਿੰਘ ਨੂੰ ਕੁਝ ਦਿਨ ਪਹਿਲਾਂ ਅਣਪਛਾਤੇ ਹਮਲਾਵਰਾਂ ਵੱਲੋਂ ਅਗਵਾ ਕਰ ਲਿਆ ਗਿਆ ਸੀ। ਉਸ ਸਮੇਂ ਉਹ ਆਪਣੇ ਕੰਮ ‘ਤੇ ਸੀ ਕਿ ਅਣਪਛਾਤੇ ਨੌਜਵਾਨ ਉਨ੍ਹਾਂ ਨੂੰ ਅਗਵਾ ਕਰ ਕੇ ਲੈ ਗਏ। ਪਰਿਵਾਰ ਨੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਮਦਦ ਦੀ ਗੁਹਾਰ ਲਗਾਈ ਸੀ। ਕੈਲੀਫੋਰਨੀਆ ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਕਈ ਟੀਮਾਂ ਗਠਿਤ ਕੀਤੀਆਂ ਸਨ। ਪੁਲਿਸ ਨੂੰ ਸ਼ੱਕ ਸੀ ਕਿ ਇਹ ‘ਹੇਟ ਕ੍ਰਾਈਮ’ (ਨਫ਼ਰਤੀ ਅਪਰਾਧ) ਦਾ ਮਾਮਲਾ ਹੋ ਸਕਦਾ ਹੈ।
ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਮੌਤ ਦੇ ਸਹੀ ਕਾਰਨਾਂ ਅਤੇ ਕਾਤਲਾਂ ਦੀ ਪਛਾਣ ਬਾਰੇ ਅਧਿਕਾਰਤ ਖੁਲਾਸਾ ਨਹੀਂ ਕੀਤਾ ਹੈ, ਪਰ ਮੁੱਢਲੀ ਜਾਂਚ ਵਿਚ ਇਸ ਨੂੰ ਇੱਕ ਯੋਜਨਾਬੱਧ ਕਤਲ ਵਜੋਂ ਦੇਖਿਆ ਜਾ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰ, ਜੋ ਪੰਜਾਬ ਨਾਲ ਸਬੰਧ ਰੱਖਦੇ ਹਨ, ਉਸ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਸਦਮੇ ਵਿਚ ਹਨ। ਅਮਰੀਕਾ ਵਿਚ ਸਿੱਖ ਜਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਅਮਰੀਕੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਪੰਜਾਬ ਵਿਚ ਰਹਿ ਰਹੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕੀ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿਚ ਮਦਦ ਕੀਤੀ ਜਾ ਸਕੇ।
ਟਰੇਸੀ ‘ਚ ਅਗਵਾ ਹੋਏ ਸਿੱਖ ਵਿਅਕਤੀ ਦੀ ਮਿਲੀ ਲਾਸ਼

