#INDIA

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਬੁੱਧਵਾਰ ਨੂੰ ਇੱਕ ਜਨਤਕ ਸੁਣਵਾਈ ਦੌਰਾਨ ਹਮਲਾ ਕੀਤੇ ਜਾਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪ੍ਰੋਗਰਾਮ ਦੌਰਾਨ ਉੱਥੇ ਮੌਜੂਦ ਇੱਕ ਨੌਜਵਾਨ ਨੇ ਅਚਾਨਕ ਸਟੇਜ ‘ਤੇ ਚੜ੍ਹ ਕੇ ਮੁੱਖ ਮੰਤਰੀ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਵਲੋਂ ਕੀਤੀ ਗਈ ਇਸ ਹਰਕਤ ਕਾਰਨ ਮੌਕੇ ‘ਤੇ ਹਫ਼ੜਾ-ਦਫ਼ੜੀ ਮਚ ਗਈ। ਸੁਰੱਖਿਆ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੌਜਵਾਨ ਨੂੰ ਮੌਕੇ ‘ਤੇ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਮੁੱਖ ਮੰਤਰੀ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਇਸ ਘਟਨਾ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸਨੂੰ ਲੋਕਤੰਤਰ ‘ਤੇ ਹਮਲਾ ਦੱਸਿਆ ਅਤੇ ਕਿਹਾ ਕਿ ਜਨ ਪ੍ਰਤੀਨਿਧੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਚਦੇਵਾ ਨੇ ਪੂਰੀ ਘਟਨਾ ਦੀ ਜਾਂਚ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਲਗਭਗ 35 ਸਾਲ ਦੀ ਉਮਰ ਦੇ ਇੱਕ ਵਿਅਕਤੀ ਨੇ ”ਹਮਲਾ” ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੁਣਵਾਈ ਦੌਰਾਨ ਵਿਅਕਤੀ ਨੇ ਪਹਿਲਾਂ ਮੁੱਖ ਮੰਤਰੀ ਨੂੰ ਕੁਝ ਕਾਗਜ਼ਾਤ ਦਿੱਤੇ ਅਤੇ ਫਿਰ ਕਥਿਤ ਤੌਰ ‘ਤੇ ਉਨ੍ਹਾਂ ‘ਤੇ ਹਮਲਾ ਕੀਤਾ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਉਹ ਕਿਸੇ ਨਿੱਜੀ ਸਮੱਸਿਆ ਨੂੰ ਲੈ ਕੇ ਜਨਤਕ ਸੁਣਵਾਈ ਵਿੱਚ ਆਇਆ ਸੀ ਪਰ ਉਸਦਾ ਵਿਵਹਾਰ ਅਚਾਨਕ ਹਮਲਾਵਰ ਵਰਗਾ ਹੋ ਗਿਆ।