#PUNJAB

ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈੱਡ ਅਲਰਟ ਜਾਰੀ

ਚੰਡੀਗੜ੍ਹ, 11 ਨਵੰਬਰ (ਪੰਜਾਬ ਮੇਲ)- ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ, ਹਰਿਆਣਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਬਾਹਰੀ ਵਾਹਨਾਂ ਵਿਚ ਸਵਾਰ ਸ਼ੱਕੀ ਵਿਅਕਤੀਆਂ ਨੂੰ ਵੀ ਰੋਕ ਕੇ ਤਲਾਸ਼ੀ ਲੈ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸ਼ਹਿਰ ਵਿਚ ਭੀੜ-ਭਾੜ ਵਾਲੀਆਂ ਥਾਵਾਂ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਸ਼ਾਪਿੰਗ ਮਾਲ ਵਰਗੀਆਂ ਥਾਵਾਂ ‘ਤੇ ਵੀ ਗਸ਼ਤ ਵਧਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਦੇ ਡੀ.ਜੀ.ਪੀ. ਨੇ ਸਾਰੇ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ., ਪੁਲਿਸ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਹਰ ਸਮੇਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਸਣੇ ਹੋਰਨਾਂ ਕਈ ਸੂਬਿਆਂ ਵਿਚ ਵੀ ਪੁਲਿਸ ਨੇ ਅਲਰਟ ਜਾਰੀ ਕਰਕੇ ਚੌਕਸੀ ਵਧਾ ਦਿੱਤੀ ਹੈ।