ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿੱਤਾ
ਨਵੀਂ ਦਿੱਲੀ, 5 ਮਈ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਰਾਨ ਵਿੱਚ ਫਸੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਪਹੁੰਚ ਕੀਤੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਉੱਥੇ ਫਸੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਕੱਢਣ ਲਈ ਸਰਕਾਰ ਤੁਰੰਤ ਢੁਕਵੇਂ ਕਦਮ ਚੁੱਕੇ।
ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਆਨੰਦ ਪ੍ਰਕਾਸ਼ ਨਾਲ ਮੁਲਾਕਾਤ ਲਈ ਪਹੁੰਚੇ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਸ਼ੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਸਿੱਖਾਂ ਨੂੰ ਲੈ ਕੇ ਵਿਸ਼ੇਸ਼ ਜਹਾਜ਼ ਦਿੱਲੀ ਪਹੁੰਚਣਾ ਸੀ, ਪਰ ਅਚਾਨਕ ਇਹ ਉਡਾਣ ਰੱਦ ਕਰ ਦਿੱਤੀ ਗਈ। ਅਧਿਕਾਰੀਆਂ ਨੇ ਵਫ਼ਦ ਨੂੰ ਸਪੱਸ਼ਟ ਕੀਤਾ ਕਿ ਕੁਝ ਨਾ ਟਾਲੇ ਜਾ ਸਕਣ ਵਾਲੇ ਤਕਨੀਕੀ ਜਾਂ ਹੋਰ ਕਾਰਨਾਂ ਕਰ ਕੇ ਇਹ ਉਡਾਣ ਰੱਦ ਹੋਈ ਹੈ, ਜਿਸ ਕਾਰਨ ਸਿੱਖਾਂ ਨੂੰ ਲਿਆਉਣ ਵਿੱਚ ਦੇਰੀ ਹੋਈ। ਜੁਆਇੰਟ ਸਕੱਤਰ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਮਾਮਲੇ ਪ੍ਰਤੀ ਗੰਭੀਰ ਹੈ ਅਤੇ ਜਲਦੀ ਹੀ ਇੱਕ ਹੋਰ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਰ ਕੇ ਸਿੱਖਾਂ ਨੂੰ ਉੱਥੋਂ ਸੁਰੱਖਿਅਤ ਕੱਢ ਲਿਆ ਜਾਵੇਗਾ। ਦਿੱਲੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਉਹ ਇਸ ਸਬੰਧੀ ਕੇਂਦਰ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ। ਆਪਣੇ ਭਾਈਚਾਰੇ ਦੇ ਲੋਕਾਂ ਨੂੰ ਸਹੀ-ਸਲਾਮਤ ਵਾਪਸ ਲਿਆਉਣਾ ਕਮੇਟੀ ਦੀ ਤਰਜੀਹ ਹੈ ਅਤੇ ਉਹ ਇਸ ਸਬੰਧੀ ਲਗਾਤਾਰ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਰਹਿਣਗੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਰਾਨ ‘ਚ ਫਸੇ ਸਿੱਖਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ
