#PUNJAB

ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ : ਧਾਮੀ

– ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਨੂੰ ਇਨਸਾਫ਼ ਨਾ ਦੇਣ ਦੇ ਦੋਸ਼
ਅੰਮ੍ਰਿਤਸਰ, 2 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਨਵੰਬਰ 1984 ਦੌਰਾਨ ਸਮੇਂ ਦੀ ਸਰਕਾਰ ਦੀ ਸ਼ਹਿ ‘ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਨੂੰ ਸਤਿਕਾਰ ਭੇਟ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ‘ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਪਹਿਲੀ ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆਂ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।
ਉਨ੍ਹਾਂ ਕਿਹਾ ਕਿ ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ।
ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ।