#INDIA

ਨਿਆਂਇਕ ਕਮਿਸ਼ਨ ਵੱਲੋਂ ਹਾਥਰਸ ਮਾਮਲੇ ਦੀ ਜਾਂਚ ਸ਼ੁਰੂ

ਹਾਥਰਸ, 6 ਜੁਲਾਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹਾਥਰਸ ਘਟਨਾ ਦੀ ਜਾਂਚ ਲਈ ਗਠਿਤ ਨਿਆਂਇਕ ਜਾਂਚ ਕਮਿਸ਼ਨ ਨੇ ਅੱਜ ਉਸ ਥਾਂ ਦਾ ਜਾਇਜ਼ਾ ਲਿਆ, ਜਿੱਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੇਗਾ। ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਬਣਾਏ ਗਏ ਨਿਆਂਇਕ ਜਾਂਚ ਕਮਿਸ਼ਨ ਵਿਚ ਸਾਬਕਾ ਆਈ.ਏ.ਐੱਸ. ਅਧਿਕਾਰੀ ਹੇਮੰਤ ਰਾਓ ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਭਾਵੇਸ਼ ਕੁਮਾਰ ਸਿੰਘ ਹਨ। ਜਾਂਚ ਤੋਂ ਬਾਅਦ ਨਿਆਂਇਕ ਜਾਂਚ ਕਮਿਸ਼ਨ ਦੀ ਕਮੇਟੀ ਦੇ ਚੇਅਰਮੈਨ ਜਸਟਿਸ ਬ੍ਰਿਜੇਸ਼ ਕੁਮਾਰ ਸ੍ਰੀਵਾਸਤਵ (ਸੇਵਾਮੁਕਤ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਨਗੇ, ਜਿਨ੍ਹਾਂ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।